ਵਿਨੀਪੈਗ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਨਜ਼ ਕਸਦਿਆਂ ਕਿਹਾ ਹੈ ਕਿ ਜੇ ਕੈਨੇਡਾ ਆਪਣੀ ਸਰਹੱਦ ਤੋਂ ਗੈਰਕਾਨੂੰਨੀ ਪਰਵਾਸੀਆਂ ਦੀ ਆਮਦ ਰੋਕਣ ’ਚ ਨਾਕਾਮ ਰਿਹਾ ਤਾਂ ਉਸ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾ ਦਿੱਤਾ ਜਾਵੇਗਾ। ‘ਫੌਕਸ ਨਿਊਜ਼’ ਦੀ ਰਿਪੋਰਟ ਮੁਤਾਬਕ ਟਰੰਪ ਨੇ ਇਹ ਗੱਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਦੌਰਾਨ ਆਖੀ। ਹਾਲ ਹੀ ’ਚ ਜਦੋਂ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਮਾਨ ’ਤੇ 25 ਫ਼ੀਸਦੀ ਵਾਧੂ ਟੈਕਸ ਲਗਾਉਣ ਦਾ ਐਲਾਨ ਕੀਤਾ ਸੀ ਤਾਂ ਜਸਟਿਨ ਟਰੂਡੋ ਅਚਾਨਕ ਹੀ ਟਰੰਪ ਨੂੰ ਮਿਲਣ ਲਈ ਪਹੁੰਚ ਗਏ ਸਨ। ਟਰੂਡੋ ਨੇ ਟਰੰਪ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਇਸ ਦੌਰਾਨ ਟਰੰਪ ਨੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਸੀਂ ਬਚਣਾ ਚਾਹੁੰਦੇ ਹੋ ਤਾਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾ ਦਿਓ।