ਟੋਰਾਂਟੋ, 2 ਦਸੰਬਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਸ਼ਾਂਤਮਈ ਮੁਜ਼ਾਹਰਿਆਂ ਦੇ ਹੱਕ ਦਾ ਹਮੇਸ਼ਾਂ ਪੱਖ ਪੂਰੇਗਾ। ਸੋਮਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਇੱਕ ਆਨਲਾਈਨ ਸਮਾਗਮ ਮੌਕੇ ਸ੍ਰੀ ਟਰੂਡੋ ਨੇ ਕਿਹਾ ਕਿ ਜੇਕਰ ਉਹ ਭਾਰਤ ਤੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਮੁਜ਼ਾਹਰਿਆਂ ਬਾਰੇ ਆ ਰਹੀਆਂ ਖ਼ਬਰਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਇਹ ਉਨ੍ਹਾਂ ਦੀ ਲਾਪ੍ਰਵਾਹੀ ਮੰਨੀ ਜਾਵੇਗੀ। ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਪਾਉਂਦਿਆਂ ਲਿਖਿਆ,‘ਸਥਿਤੀ ਬਹੁਤ ਗੰਭੀਰ ਹੈ ਅਤੇ ਅਸੀਂ ਸਾਰੇ ਪਰਿਵਾਰਾਂ ਤੇ ਦੋਸਤਾਂ ਬਾਰੇ ਚਿੰਤਤ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ’ਚੋਂ ਕਈਆਂ ਦੀ ਇਹੀ ਸਥਿਤੀ ਹੈ।’ ਉਨ੍ਹਾਂ ਕਿਹਾ ਕਿ ਉਹ ਦੁਵੱਲੀ ਗੱਲਬਾਤ ਦਾ ਮਹੱਤਵ ਸਮਝਦੇ ਹਨ ਅਤੇ ਇਸੇ ਕਾਰਨ ਉਨ੍ਹਾਂ ਵੱਖ-ਵੱਖ ਮਾਧਿਅਮਾਂ ਰਾਹੀਂ ਭਾਰਤ ਸਰਕਾਰ ਨਾਲ ਇਸ ਮਸਲੇ ਸਬੰਧੀ ਆਪਣੀ ਫ਼ਿਕਰਮੰਦੀ ਜ਼ਾਹਰ ਕੀਤੀ ਹੈ।