ਅੰਮ੍ਰਿਤਸਰ, 21 ਸਤੰਬਰ
ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਲਗਾਤਾਰ ਭਖ ਰਿਹਾ ਹੈ। ਅੱਜ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਗਏ ਇਲਜ਼ਾਮਾਂ ਬਾਰੇ ਭਾਰਤ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਅਤੇ ਭਾਰਤ ਸਰਕਾਰ ਸਮੁੱਚੇ ਸੰਸਾਰ ਵਿੱਚ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਵੀ ਯਕੀਨੀ ਬਣਾਵੇ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿੱਚ ਇਸ ਕੇਸ ਬਾਰੇ ਵਿਸ਼ੇਸ਼ ਟਿੱਪਣੀ ਕੀਤੀ ਹੈ। ਉਸ ਵੱਲੋਂ ਕੈਨੇਡਾ ਵਾਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤੀ ਏਜੰਸੀਆਂ ’ਤੇ ਸ਼ੱਕ ਦੀ ਉਂਗਲ ਰੱਖੀ ਗਈ ਹੈ। ਅੱਜ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੀ ਪਾਰਲੀਮੈਂਟ ਵਿੱਚ ਭਾਰਤ ਸਰਕਾਰ ਖਿਲਾਫ ਲਾਏ ਗਏ ਦੋਸ਼ਾਂ ਸਬੰਧੀ ਭਾਰਤ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿਉਂਕਿ ਇਸ ਖ਼ਬਰ ਨਾਲ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਵਿੱਚ ਸਿੱਖ ਆਗੂ ਦੇ ਕਤਲ ਦੇ ਮਾਮਲੇ ਵਿੱਚ ਭਾਰਤੀ ਏਜੰਸੀਆ ਸ਼ਾਮਲ ਹਨ ਤਾਂ ਇਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋੋਂ ਮੰਗ ਕੀਤੀ ਕਿ ਉਹ ਆਪਣੀ ਸਥਿਤੀ ਸਪੱਸ਼ਟ ਕਰੇ ਤੇ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ ਤੇ ਹੋਰ ਸਿੱਖ ਜਥੇਬੰਦੀਆਂ ਵੀ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕਰ ਚੁੱਕੀਆਂ ਹਨ।