ਔਟਵਾ, ਕੈਨੇਡਾ (ਕੁਲਤਰਨ ਸਿੰਘ ਪਧਿਆਣਾ): ਕੈਨੇਡੀਅਨ ਬਾਰਡਰ ਸੇਵਾ ਏਜੰਸੀ (ਸੀਬੀਐਸਏ) ਵੱਲੋਂ ਲਗਭਗ 600 ਵਿਦੇਸ਼ੀ ਨਾਗਰਿਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਅਪਰਾਧਿਕ ਰਿਕਾਰਡ ਹਨ ਅਤੇ ਜਿਨ੍ਹਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿੱਚੋਂ 431 ਵਿਅਕਤੀਆਂ ਨੂੰ ਗੰਭੀਰ ਅਪਰਾਧਾਂ ਜਿਵੇਂ ਕਿ ਜਿਨਸੀ ਸ਼ੋਸ਼ਣ ਵਰਗੇ ਜੁਰਮਾਂ ਦਾ ਦੋਸ਼ੀ ਪਾਇਆ ਗਿਆ ਹੈ। ਸੀਬੀਐਸਏ ਦੇ ਅੰਕੜਿਆਂ ਅਨੁਸਾਰ, 1,635 ਵਿਦੇਸ਼ੀ ਨਾਗਰਿਕ ਜਿਨ੍ਹਾਂ ਨੇ ਕੈਨੇਡਾ ਵਿੱਚ ਅਪਰਾਧ ਕੀਤੇ ਹਨ, ਨੂੰ ਡਿਪੋਰਟੇਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਨ੍ਹਾਂ ਵਿੱਚੋਂ 599 ਜਣੇ ਡਿਪੋਰਟੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਹੋਏ ਅਤੇ ਏਜੰਸੀ ਦੀ “ਵਾਂਟਿਡ” ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ ਅਤੇ ਇਹਨਾਂ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ।
ਸੀਬੀਐਸਏ ਦੇ ਅੰਕੜਿਆਂ ਅਨੁਸਾਰ, ਇਨ੍ਹਾਂ 599 ਜਣਿਆਂ ਵਿੱਚੋਂ 315 ਨੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਡਿਪੋਰਟੇਸ਼ਨ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ 46 ਜਣੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਅਧਿਕਾਰੀਆਂ ਤੋਂ ਬਚ ਰਹੇ ਹਨ। ਇਸ ਤੋਂ ਇਲਾਵਾ, 361 ਵਿਅਕਤੀ ਪਿਛਲੇ ਦੋ ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਲੁਕਣ ਵਿੱਚ ਕਾਮਯਾਬ ਰਹੇ ਹਨ।
ਸੀਬੀਐਸਏ ਦੇ ਬੁਲਾਰੇ ਲੂਕ ਰੀਮਰ ਨੇ ਕਿਹਾ ਕਿ ਅਪਰਾਧਿਕਤਾ ਦੇ ਕਾਰਨ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਜਿੰਨੀ ਜਲਦੀ ਸੰਭਵ ਹੋ ਸਕੇ ਦੇਸ਼ ਤੋਂ ਬਾਹਰ ਕੀਤਾ ਜਾਂਦਾ ਹੈ ਤਾਂ ਜੋ ਕੈਨੇਡਾ ਅਤੇ ਇਸ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਹੜੇ ਵਿਅਕਤੀ ਇਮੀਗ੍ਰੇਸ਼ਨ ਅਧਿਕਾਰੀਆਂ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ, ਉਹ ਅਕਸਰ ਆਪਣੇ ਪਰਿਵਾਰ ਜਾਂ ਕਮਿਊਨਿਟੀ ਦੇ ਮੈਂਬਰਾਂ ਦੀ ਮਦਦ ਲੈਂਦੇ ਹਨ ਜਾਂ ਝੂਠੀ ਪਛਾਣ ਦੀ ਵਰਤੋਂ ਕਰਦੇ ਹਨ।
ਇਨ੍ਹਾਂ ਵਿੱਚੋਂ 401 ਵਿਅਕਤੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਛੱਡਣਾ ਪਵੇਗਾ। ਸੀਬੀਐਸਏ ਨੇ ਦੱਸਿਆ ਕਿ 29 ਵਿਦੇਸ਼ੀ ਨਾਗਰਿਕ, ਜਿਨ੍ਹਾਂ ਦੇ ਅਪਰਾਧਿਕ ਰਿਕਾਰਡ ਹਨ ਅਤੇ ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾਣਾ ਹੈ, ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ।