ਚੰਡੀਗੜ/ਬਾਬਾ ਬਕਾਲਾ, 7 ਅਗਸਤ 2017
ਰੱਖੜ ਪੁਨਿਆ ਦੇ ਪਵਿਤਰ ਦਿਹਾੜੇ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਬਾਬਾ ਬਕਾਲਾ ਵਿਖੇ ਸਿਆਸੀ ਕਾਨਫਰੰਸ ਕੀਤੀ। ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਪਾਰਟੀ ਦੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਨੇ ਸਮੂਲਿਅਤ ਕੀਤੀ।
ਸਭਾ ਦੇ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਸੂਬੇ ਵਿਚ ਸਰਕਾਰ ਸਥਾਪਤੀ ਲਈ ਕਾਂਗਰਸ ਅਤੇ ਅਕਾਲੀ-ਬੀਜੇਪੀ ਨੇ ਅੰਦਰ ਖਾਤੇ ਹੱਥ ਮਿਲਾ ਲਿਆ ਹੈ। ਉਨਾਂ ਕਿਹਾ ਕਿ ਦੋਵਾਂ ਧਿਰਾਂ ਦਾ ਇਹ ਮਕਸਦ ਸੀ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਿਆ ਜਾਵੇ।
ਮਾਨ ਨੇ ਕਿਹਾ ਕਿ ਦੋਵਾਂ ਧਿਰਾਂ ਇਸ ਗੱਲ ਤੋਂ ਭਲੀਭਾਂਤੀ ਜਾਣੂ ਸਨ ਕਿ ਜੇਕਰ ਸੂਬੇ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਆ ਗਈ ਤਾਂ ਅਕਾਲੀਆਂ ਅਤੇ ਕਾਂਗਰਸੀਆਂ ਦੁਆਰਾ ਸਾਂਝੇ ਤੌਰ ਤੇ ਚਲਾਏ ਜਾ ਰਹੇ ਗੈਰ ਕਾਨੂੰਨੀ ਧੰਦਿਆਂ ਉਤੇ ਰੋਕ ਲਗ ਜਾਵੇਗੀ। ਉਨਾਂ ਨੂੰ ਇਸ ਗੱਲ ਦਾ ਡਰ ਸੀ ਕਿ ਆਮ ਆਦਮੀ ਪਾਰਟੀ ਉਨਾਂ ਨੂੰ ਲੋਕਾਂ ਦੀ ਅਦਾਲਤ ਵਿਚ ਨੰਗਾ ਕਰ ਦੇਵੇਗੀ। ਮਾਨ ਨੇ ਕਿਹਾ ਕਿ ਕਾਂਗਰਸ ਦਾ ਇਕੋ ਇਕ ਮੰਤਵ ਸੂਬੇ ਵਿਚ ਸੱਤਾ ਪ੍ਰਾਪਤੀ ਸੀ ਅਤੇ ਸਰਕਾਰ ਬਣਨ ਤੋਂ ਬਾਅਦ ਉਹ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਰਹੇ ਹਨ।
ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਨਾਂ ਉਤੇ ਉਨਾਂ ਨਾਲ ਧੋਖਾ ਕੀਤਾ ਹੈ। ਉਨਾਂ ਕਿਹਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੋਣ ਸਭਾਵਾਂ ਦੌਰਾਨ ਕੀਤੇ ਵਾਅਦਿਆਂ ਉਤੇ ਵਿਸ਼ਵਾਸ ਕਰ ਬੈਠੇ ਪਰੰਤੂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਾਂਗੂ ਸਰਕਾਰ ਬਣਾਉਣ ਤੋਂ ਬਾਅਦ ਉਨਾਂ ਦੀ ਕੋਈ ਸਾਰ ਨਹੀਂ ਲਈ। ਉਨਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਮੋਦੀ ਸਰਕਾਰ ਉਤੇ ਵੀ ਕਿਸਾਨਾਂ ਨਾਲ ਵਾਅਦਾ ਖਿਲਾਫੀ ਦਾ ਦੋਸ਼ ਲਗਾਇਆ। ਉਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਉਨਾਂ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰ ਰਹੀਆਂ ਹਨ ਅਤੇ ਜੇਕਰ ਸਮਾਂ ਰਹਿੰਦਿਆਂ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਗੰਭੀਰ ਸਮੱਸਿਆਵਾਂ ਉਤਪੰਨ ਹੋਣ ਦਾ ਖਦਸਾ ਹੈ।
ਵਿਰੋਧੀ ਧਿਰ ਦੇ ਆਗੂ ਨੇ ਇਕ ਵਾਰ ਫੇਰ ਪਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਬੇ ਦੇ ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨਾਂ ਸੁਝਾਅ ਦਿੱਤਾ ਕਿ ਪਰਵਾਸੀ ਪੰਜਾਬੀ ਪੰਜਾਬ ਵਿਚ ਆ ਕੇ ਮੇਲਿਆਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਉਤੇ ਪੈਸਾ ਖਰਚ ਕਰਨਾ ਕੁਝ ਦੇਰ ਲਈ ਬੰਦ ਕਰਕੇ ਇਸ ਪੈਸੇ ਨਾਲ ਕਰਜਈ ਕਿਸਾਨਾਂ ਦੀ ਸਹਾਇਤਾ ਕਰਨ। ਉਨਾਂ ਕਿਹਾ ਕਿ ਪਰਵਾਸੀ ਪੰਜਾਬੀ ਸੰਗਠਨ ਬਣਾ ਕੇ ਖੁਦਕੁਸ਼ੀ ਕੀਤੇ ਕਿਸਾਨਾਂ ਦੀਆਂ ਵਿਧਵਾਵਾਂ ਲਈ ਪੈਨਸ਼ਨ ਅਤੇ ਉਨਾਂ ਦੇ ਬੱਚਿਆਂ ਦੀ ਪੜਾਈ ਦਾ ਪ੍ਰਬੰਧ ਕਰਨ। ਖਹਿਰਾ ਨੇ ਸੂਬਾ ਸਰਕਾਰ ਦੁਆਰਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਅਣਗੋਲਿਆਂ ਕਰਨ ਲਈ ਵੀ ਉਸਦੀ ਆਲੋਚਨਾ ਕੀਤਾ।
ਇਸ ਮੌਕੇ ‘ਤੇ ਫਰੀਦਕੋਟ ਤੋਂ ਐਮ.ਪੀ. ਪ੍ਰੋ. ਸਾਧੂ ਸਿੰਘ, ਵਿਧਾਇਕ ਪਿਰਮਲ ਸਿੰਘ, ਵਿਧਾਇਕ ਮੀਤ ਹੇਅਰ, ਵਿਧਾਇਕ ਸਰਬਜੀਤ ਕੌਰ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਜੈ ਕਿਸ਼ਨ ਰੋੜੀ, ਸੂਬਾ ਉਪ ਪ੍ਰਧਾਨ ਕੁਲਦੀਪ ਧਾਲੀਵਾਲ, ਸੂਬਾ ਅਨੁਸ਼ਾਸਨਿਕ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿਝਰ, ਮਾਝਾ ਜੋਨ ਦੇ ਪ੍ਰਧਾਨ ਕੰਵਰ ਪ੍ਰੀਤ ਸਿੰਘ ਕਾਕੀ, ਸੂਬਾ ਜਨਰਲ ਸਕੱਤਰ ਕੁਲਜੀਤ ਸਿੰਘ, ਹਰਿੰਦਰ ਸਿੰਘ ਅਤੇ ਬਲਵੀਰ ਸਿੰਘ ਟੌਂਗ ਸਮੇਤ ਦਰਜਨਾਂ ਨੇਤਾਵਾਂ ਨੇ ਸ਼ਿਰਕਤ ਕੀਤੀ।