ਚੰਡੀਗੜ, 27 ਮਾਰਚ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਾਢੀ ਦੇ ਪੱਛੜ ਜਾਣ ਦੇ ਮੱਦੇਨਜ਼ਰ ਇਸ ਸਾਲ ਕਣਕ ਦੀ ਖਰੀਦ ਪ੍ਰਿਆ ਲੰਮੇ ਸਮੇਂ ਤੱਕ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਨਾਲ ਹੀ ਕੇਂਦਰ ਪਾਸੋਂ ਅਨਾਜ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਣ ਲਈ ਮੰਡੀਆਂ ਵਿੱਚ ਦੇਰੀ ਨਾਲ ਅਨਾਜ ਲਿਆਉਣ ਲਈ ਕਿਸਾਨਾਂ ਦੀ ਮਦਦ ਕਰਨ ਦੀ ਵੀ ਮੰਗ ਕੀਤੀ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਪਾਸੋਂ ਮਈ ਅਤੇ ਜੂਨ ਵਿੱਚ ਮੰਡੀਆਂ ’ਚ ਦੇਰੀ ਨਾਲ ਕਣਕ ਦੀ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਮਦਦ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਕੰਮ ਦਾ ਬੋਝ ਘਟਣ ਦੇ ਨਾਲ-ਨਾਲ ਖਰਚੇ ਵੀ ਘਟਣਗੇ। ਇਸ ਤੋਂ ਇਲਾਵਾ ਕੋਵਿਡ-19 ਦੇ ਫੈਲਾਅ ਦੀ ਸੰਭਾਵਨਾ ਨੂੰ ਰੋਕਣ ਵੱਲ ਵੀ ਇਹ ਵੱਡਾ ਕਦਮ ਹੋਵੇਗਾ।

ਪੰਜਾਬ ਸਰਕਾਰ ਵੱਲੋਂ 15 ਅਪ੍ਰੈਲ ਤੋਂ 30 ਅਪ੍ਰੈਲ, 2020 ਤੱਕ ਮੰਡੀਆਂ ਵਿੱਚ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਕਿਸੇ ਮਦਦ ਦਾ ਪ੍ਰਸਤਾਵ ਨਹੀਂ ਰੱਖਿਆ ਗਿਆ ਪਰ ਮਈ ਅਤੇ ਜੂਨ ਵਿੱਚ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ 1925 ਰੁਪਏ ਤੋਂ ਇਲਾਵਾ ਕ੍ਰਮਵਾਰ 100 ਰੁਪਏ ਪ੍ਰਤੀ ਕੁਇੰਟਲ ਅਤੇ 200 ਰੁਪਏ ਪ੍ਰਤੀ ਕੁਇੰਟਲ ਦਾ ਪ੍ਰਸਤਾਵ ਰੱਖਿਆ ਗਿਆ।

ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਪਹਿਲਾਂ ਇਕ ਅਪ੍ਰੈਲ, 2020 ਨੂੰ ਸ਼ੁਰੂ ਕੀਤੀ ਜਾਣੀ ਸੀ ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਹ ਖਰੀਦ 15 ਅਪ੍ਰੈਲ, 2020 ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਉਨਾਂ ਕਿਹਾ ਕਿ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਅਤੇ ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਲਈ ਇਹ ਬਹੁਤ ਜ਼ਰੂਰੀ ਹੈ ਕਿ ਖਰੀਦ ਕਾਰਜਾਂ ਨੂੰ ਲੰਮੇ ਸਮੇਂ ਤੱਕ ਚਲਾਇਆ ਜਾਵੇ ਅਤੇ ਅਜਿਹਾ ਮੰਡੀਆਂ ਵਿੱਚ ਦੇਰੀ ਨਾਲ ਫਸਲ ਲਿਆਉਣ ਵਾਲੇ ਕਿਸਾਨਾਂ ਦੀ ਸਹਾਇਤਾ ਕਰਕੇ ਹੀ ਕੀਤਾ ਜਾ ਸਕਦਾ ਹੈ।