ਪਟਿਆਲਾ, 31 ਜਨਵਰੀ
ਪੰਜਾਬ ਲੋਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਪਟਿਆਲਾ ਸ਼ਹਿਰੀ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਹਨ। ਇਸ ਮੌਕੇ ਭਾਜਪਾ ਨੇਤਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਉਨ੍ਹਾਂ ਦੇ ਨਾਲ ਸਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਪੰਜਾਬ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਫਾਰਮ ਜਮ੍ਹਾਂ ਕਰਵਾਉਣ ਮੌਕੇ ਐਤਕੀਂ ਉਨ੍ਹਾਂ ਦੀ ਪਤਨੀ ਪਰਨੀਤ ਕੌਰ (ਸੰਸਦ ਮੈਂਬਰ) ਉਨ੍ਹਾਂ ਦੇ ਨਾਲ ਨਹੀਂ ਸਨ। ਦਰਅਸਲ ਉਨ੍ਹਾਂ ਦੀ ਸਿਆਸੀ ਮਜਬੂਰੀ ਹੈ ਕਿਉਂਕਿ ਉਹ ਇਸ ਵਕਤ ਕਾਂਗਰਸ ਪਾਰਟੀ ਦੀ ਤਰਫੋਂ ਮੈਂਬਰ ਪਾਰਲੀਮੈਂਟ ਹਨ ਜਿਸ ਕਰਕੇ ਉਨ੍ਹਾਂ ਨੂੰ ਪਿੱਛੇ ਰਹਿਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸੇ ਹਲਕੇ ਤੋਂ ਸਾਲ ਦੋ ਹਜਾਰ ਦੋ ਤੋਂ ਦੋ ਹਜਾਰ ਸਤਾਰਾਂ ਤੱਕ ਲਗਾਤਾਰ ਚਾਰ ਵਾਰੀ ਵਿਧਾਇਕ ਰਹੇ ਹਨ ਤੇ ਦੋ ਵਾਰ ਮੁੱਖ ਮੰਤਰੀ ਵੀ ਉਹ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਵਜੋਂ ਹੀ ਬਣੇ ਹਨ।