ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਠੱਲਣ ਲਈ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਅਤੇ ਕੇਂਦਰੀ ਗ੍ਰਹਿ ਮੰਤਰੀ ਤੋਂ  ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਆਖਿਆ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਨਸ਼ਾ ਤਸਕਰਾਂ ਦੀ ਠਾਹਰ ਨਾ ਬਣਨ ਦੇਣ।
ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਵੱਖ ਵੱਖ ਪੱਤਰ ਲਿਖੇ ਹਨ, ਜਿਨ੍ਹਾਂ ਵਿੱਚ ਕਿਹਾ ਹੈ ਕਿ ਭਵਿੱਖੀ ਪੀੜੀਆਂ ਲਈ ਨਸ਼ੇ ਗੰਭੀਰ ਚੁਣੌਤੀ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਵਚਨਬੱਧ ਹੈ, ਪਰ ਫਿਰ ਵੀ ਉਹ ਉਨ੍ਹਾਂ ਦਾ ਪੂਰਾ ਸਹਿਯੋਗ ਚਾਹੁੰਦੇ ਹਨ। ਕੈਪਟਨ ਨੇ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਪੁਲੀਸ ਸਣੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਲਾਹ ਦੇਣ ਕਿ ਉਹ ਨਸ਼ਿਆਂ ਦੇ ਸਬੰਧ ਵਿੱਚ ਪੰਜਾਬ ਪੁਲੀਸ ਨਾਲ ਤਾਲਮੇਲ ਕਰਨ ਅਤੇ ਨਸ਼ਿਆਂ ਖ਼ਿਲਾਫ਼ ਸਾਂਝੀਆਂ ਕੋਸ਼ਿਸ਼ਾਂ ਕਰਨ। ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਬੇਨਤੀ ਕੀਤੀ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਕੌਮੀ ਨੀਤੀ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਕਿ ਉਹ ਦਿੱਲੀ ਪੁਲੀਸ ਨੂੰ ਨਿਰਦੇਸ਼ ਜਾਰੀ ਕਰਨ ਕਿ ਉਹ ਨਸ਼ਾ ਤਸਕਰਾਂ ਨੂੰ ਕਾਬੂ ਕਰੇ।