ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧ ਵਾਸਤੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਬੇਨਤੀ ਦੁਹਰਾਈ ਹੈ। ਪ੍ਰਧਾਨ ਮੰਤਰੀ ਨੂੰ ਅੱਜ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਮੁਆਵਜ਼ਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ, ਜੋ ਪਰਾਲੀ ਨਹੀਂ ਸਾੜਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਨੂੰ ਬਿਲਕੁਲ ਵੀ ਨਾ ਸਾੜਨ ਦਾ ਟੀਚਾ ਪ੍ਰਾਪਤ ਕਰਨਾ ਬਹੁਤ ਵੱਡਾ ਕਾਰਜ ਹੈ। ਸਗੋਂ ਇਹ ਕਿਸਾਨਾਂ ਉੱਤੇ ਵਾਧੂ ਵਿੱਤੀ ਬੋਝ ਵੀ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਖ਼ਤ ਕਦਮ ਚੁੱਕੇ ਜਾਣ ਦੇ ਬਾਵਜੂਦ ਸੂਬੇ ਵਿੱਚ ਸਾਲਾਨਾ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਕੁਝ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਵਾਸਤੇ ਸਬਸਿਡੀ ’ਤੇ ਸਾਜ਼ੋ-ਸਾਮਾਨ ਮੁਹੱਈਆ ਕਰਾਇਆ ਜਾ ਰਿਹਾ ਹੈ। ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਵਿਅਕਤੀਗਤ ਤੌਰ ’ਤੇ ਕਿਸਾਨ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਵੱਡੀ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ।