ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਸ਼ਹਿਰਾਂ ਪੰਚਕੂਲਾ ਤੇ ਮੁਹਾਲੀ ਲਈ ਟ੍ਰਾਈਸਿਟੀ ਯੋਜਨਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ਉੱਤੇ ਪੰਜਾਬ ਦਾ ਹਿੱਸਾ ਹੈ।
ਇਸ ਮੁੱਦੇ ’ਤੇ ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮਾਮਲੇ ’ਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ. ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਉੱਤੇ ਪਹਿਲਾਂ ਹੀ ਤਾਲਮੇਲ ਹੁੰਦਾ ਰਹਿੰਦਾ ਹੈ। ਮੁੱਖ ਮੰਤਰੀ ਨੇ ਅੱਜ ਇਹ ਪ੍ਰਗਟਾਵੇ ਇੱਥੇ ਇੱਕ ਸਮਾਗਮ ਵਿੱਚ  ਸਵਾਲਾਂ ਦੇ ਜਵਾਬ ਦਿੰਦਿਆਂ ਕੀਤੇ। ਰਾਜਪਾਲ ਨੇ ਇਹ ਨੁਕਤਾ ਉਭਾਰਿਆ ਕਿ ਇਹ ਖਿੱਤਾ ਚੁਫੇਰਿਓਂ ਘਿਰਿਆ ਹੋਣ ਕਰਕੇ ਚੰਡੀਗੜ੍ਹ ਦਾ ਵਿਸਥਾਰ ਹੋਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ ਤੇ ਇਸ ਦਾ ਚੰਡੀਗੜ੍ਹ ’ਤੇ ਇਤਿਹਾਸਕ ਹੱਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੱਖ-ਵੱਖ ਇਕਰਾਰਨਾਮਿਆਂ ਵਿੱਚ ਚੰਡੀਗੜ੍ਹ, ਪੰਜਾਬ ਨੂੰ ਦਿੱਤਾ ਗਿਆ ਪਰ ਬਦਕਿਸਮਤੀ ਨਾਲ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਇੱਕ ਨਵਾਂ ਸੂਬਾ ਹੋਣ ਕਰਕੇ ਆਪਣੀ ਰਾਜਧਾਨੀ ਸਥਾਪਤ ਕਰਨ ਵਿੱਚ ਉਸ ਦੀ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ ਅਤੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ। ਕੈਪਟਨ ਅਤੇ ਸ੍ਰੀ ਬਦਨੌਰ ਨੇ ਟ੍ਰਾਈਸਿਟੀ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਵਜੋਂ ਨੈਸ਼ਨਲ ਕੈਪੀਟਲ ਰਿਜ਼ਨ (ਐਨ.ਸੀ.ਆਰ.) ਵਾਂਗ ਗਰੇਟਰ ਚੰਡੀਗੜ੍ਹ ਮੈਟਰੋਪੋਲੀਟਨ ਰਿਜ਼ਨ ਬਣਾਉਣ ਦੇ ਸੁਝਾਅ ਨੂੰ ਵੀ ਰੱਦ ਕਰ ਦਿੱਤਾ।
ਕੈਪਟਨ ਨੇ ਕਿਹਾ ਕਿ ਹੋਰ ਮੁੱਦੇ ਚੁੱਕਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦਰਮਿਆਨ ਖੇਤਰੀ ਅਤੇ ਪਾਣੀਆਂ ਦੇ ਮੁੱਦੇ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਦੋਵਾਂ ਸੂਬਿਆਂ ਦੀ ਸਿਰਫ 40 ਫੀਸਦੀ ਜ਼ਮੀਨ ਹੋਣ ਦੇ ਬਾਵਜੂਦ ਵੱਧ    ਪਾਣੀ ਹੈ।
ਕੈਪਟਨ ਨੇ ਕਿਹਾ ਕਿ ਅਕਾਲੀਆਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਦੀ ਵੰਡ ਕਰ ਦਿੱਤੀ। ਇਸ ਵੰਡ ਨੇ ਪੰਜਾਬ ਦਾ ਬੇਹਿਸਾਬਾ ਨੁਕਸਾਨ ਕੀਤਾ ਹੈ। ਕੈਪਟਨ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਚਲਾਉਣ ਲਈ ਸ੍ਰੀ ਖੱਟਰ ਵੱਲੋਂ ਯੋਗਦਾਨ ਪਾਉਣ ਦੀ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਮੁੱਖ ਮੰਤਰੀ ਨੇ ਚੰਡੀਗੜ੍ਹ ਯੂ.ਟੀ. ਵੱਲੋਂ ਪ੍ਰਸ਼ਾਸਨ ਵਿੱਚ ਪੰਜਾਬ ਦੀ 60 ਫੀਸਦੀ ਹਿੱਸੇਦਾਰੀ ਨੂੰ ਖੋਰਾ ਲਾ ਕੇ ਆਪਣਾ ਕਾਡਰ ਕਾਇਮ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਸੰਦਰਭ ਵਿੱਚ ਰਾਜਪਾਲ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੇ ਆਡਿਟ ਕਰਨ ਦੇ ਹੁਕਮ ਦੇਣ ਦੀ ਪੇਸ਼ਕਸ਼ ਕੀਤੀ ਤਾਂ ਕਿ ਪੰਜਾਬ ਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਨੂੰ ਯਕੀਨੀ ਬਣਾਇਆ ਜਾ ਸਕੇ।
ਦੋਵਾਂ ਸੂਬਿਆਂ ਦਰਮਿਆਨ ਸਹਿਯੋਗ ਵਧਾਉਣ ਦੀ ਵਕਾਲਤ ਕਰਦਿਆਂ ਰਾਜਪਾਲ ਨੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਰਗਾ ਸੈਂਟਰ ਚੰਡੀਗੜ੍ਹ ਵਿੱਚ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ।