ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਨਸ਼ਿਆਂ ਦੀ ਸਮਗਲਿੰਗ ਛੱਡ ਦੇਣ ਤੇ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ।
ਮੁੱਖ ਮੰਤਰੀ ਨੇ ਇੱਕ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨ ਵਿੱਚ ਤਬਦੀਲੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, ‘‘ਨਸ਼ਾ ਤਸਕਰਾਂ ਨੇ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ ਅਤੇ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਉਹ ਇਸ ਨੂੰ ਜਾਰੀ ਨਹੀਂ ਰਹਿਣ ਦੇਣਗੇ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਨਸ਼ਿਆਂ ਨਾਲ ਮੌਤਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੇ ਮਾਮਲੇ ਵਧੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲੇ ਲਈ ਗਏ ਹਨ ਅਤੇ ਉਹ ਇਸ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਣਾਉਣਗੇ। ਨਸ਼ਿਆਂ ਨਾਲ ਪੀੜਤ ਲੋਕਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਆਖਿਆ ਹੈ, ਤਾਂ ਜੋ ਨਸ਼ੇੜੀਆਂ ਨੂੰ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ।