ਚੰਡੀਗੜ੍ਹ, 29 ਨਵੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਚਨਚੇਤ ਮੀਟਿੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਨਾਲੋਂ ਵੱਖ ਹੋ ਚੁੱਕੇ ਧੜੇ ਨਾਲ ਮਿਲ ਕੇ ਸੂਬੇ ਵਿੱਚ ਅਗਲੀ ਸਰਕਾਰ ਬਣਾਏਗੀ। ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਆਪਣੀ ਮੁਲਾਕਾਤ ਨੂੰ ਸ਼ਿਸ਼ਟਾਚਾਰੀ ਮੁਲਾਕਾਤ ਦੱਸਿਆ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਕਿ ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪੰਜਾਬ ਲੋਕ ਕਾਂਗਰਸ ਵਿਚ ਵੱਡੇ ਚਿਹਰੇ ਸ਼ਾਮਲ ਹੋਣਗੇ, ਉਨ੍ਹਾਂ ਕਿਹਾ ਕਿ ਇਸ ਲਈ ਸਮੇਂ ਦੀ ਉਡੀਕ ਕਰੋ। ਲੋਕ ਉਨ੍ਹਾਂ ਦੀ ਪਾਰਟੀ ਦੀ ਮੈਂਬਰਸ਼ਿਪ ਲੈਣ ਲਈ ਉਤਸ਼ਾਹਤ ਹਨ। ਉਹ, ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਰਾਬਤਾ ਬਣਾ ਕੇ ਸਰਕਾਰ ਬਣਾਉਣਗੇ। ਦੱਸਣਾ ਬਣਦਾ ਹੈ ਕਿ ਖੱਟਰ ਨਾਲ ਉਨ੍ਹਾਂ ਦੀ ਮੁਲਾਕਾਤ ਅਜਿਹੇ ਦਿਨ ਹੋਈ ਜਦੋਂ ਤਿੰਨ ਵਿਵਾਦਗ੍ਰਸਤ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸੰਸਦ ਵਲੋਂ ਪਾਸ ਕੀਤਾ ਗਿਆ।