ਚੰਡੀਗੜ, 21 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਕਣਕ ਦਾ 25,000 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਕਰੋੜ ਰੁਪਏ ਖੇਤੀਬਾੜੀ ਵਿਭਾਗ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬੀਜ ਨਾਲ ਕਿਸਾਨ ਹਾੜੀ ਦੀ ਫਸਲ ਦੀ ਬਿਜਾਈ ਕਰ ਸਕਣਗੇ।
ਮੁੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਦੇ ਅਨੁਸਾਰ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ, ਫਾਜ਼ਿਲਕਾ, ਰੋਪੜ ਆਦਿ ਹੜ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਕਣਕ ਦੇ ਬੀਜ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੀਜ ਵੰਡਣ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ।
ਇਹ ਬੀਜ ਪਨਸੀਡ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਪਨਸੀਡ, ਸੂਬਾ ਸਰਕਾਰ ਦੀ ਨੋਡਲ ਏਜੰਸੀ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਂਦੀ ਹੈ। ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦਾ ਬੀਜ ਕੌਮੀ ਖੁਰਾਕ ਸੁਰੱਖਿਆ ਮਿਸ਼ਨ ਅਤੇ ਰਾਸ਼ਟਰੀਆ ਿਸ਼ੀ ਵਿਕਾਸ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਪਲਾਈ ਕੀਤਾ ਜਾਵੇਗਾ।