ਬਠਿੰਡਾ, 13 ਅਗਸਤ
ਪੰਜਾਬ ਭਾਜਪਾ ਨੇ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਾ ਅਹੁਦਾ ਸੰਭਾਲਣ ਮਗਰੋਂ ਅੱਜ ਇੱਥੇ ਪਹਿਲੀ ਵਾਰ ਪੁੱਜੇ ਸ਼ਵੇਤ ਮਲਿਕ ਨੇ ਕਾਂਗਰਸ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਆਖਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ ਤੇ ਇਸ ਸਰਕਾਰ ਨੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਤੋਂ ਬਿਨਾ ਕੁਝ ਨਹੀਂ ਕੀਤਾ।
ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੁਹਿੰਮ ਦੌਰਾਨ ਚਾਰ ਹਫ਼ਤਿਆਂ ਵਿੱਚ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ, ਪਰ ਸਵਾ ਸਾਲ ਬਾਅਦ ਵੀ ਨਸ਼ਾ ਖਤਮ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ 15 ਅਗਸਤ ਤੋਂ ਪੰਜਾਬ ਸਰਕਾਰ ਖ਼ਿਲਾਫ਼ ‘ਕਾਂਗਰਸ ਗੱਦੀ ਛੋੜੋ, ਨਸ਼ੇ ਮੇਂ ਡੂਬਾ ਪੰਜਾਬ’ ਨਾਅਰੇ ਤਹਿਤ ਪਦ ਯਾਤਰਾ ਕੀਤੀ ਜਾਵੇਗੀ, ਜਿਸ ਦੌਰਾਨ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤ ਮਾਫ਼ੀਆ ਕਾਰਨ ਰੇਤੇ ਦੇ ਭਾਅ ਚਾਰ ਗੁਣਾ ਵਧ ਗਏ ਹਨ, ਪਰ ਕੈਪਟਨ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਬਠਿੰਡਾ ਏਮਜ਼ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੇਢ ਸਾਲ ਨਕਸ਼ਾ ਪਾਸ ਕਰਨ ’ਤੇ ਲਾ ਦਿੱਤਾ ਅਤੇ ਬਠਿੰਡਾ ਹਵਾਈ ਅੱਡੇ ਦੇ ਵਿਸਥਾਰ ਲਈ ਜ਼ਮੀਨ ਕੇਂਦਰ ਨੂੰ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਸ ਪ੍ਰੋਜੈਕਟ ਲਈ 299 ਕਰੋੜ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਸੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਸ ਪ੍ਰੋਜੈਕਟ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ਵਿੱਢੀ ਸੀ, ਪਰ ਕਾਂਗਰਸ ਸਰਕਾਰ ਦੇ ਆਉਣ ਮਗਰੋਂ ਕੋਈ ਕਾਰਵਾਈ ਨਹੀਂ ਹੋਈ।

‘ਅਕਾਲੀ-ਭਾਜਪਾ ਗੱਠਜੋੜ ਨੂੰ ਕੋਈ ਖ਼ਤਰਾ ਨਹੀਂ’
ਸ਼ਵੇਤ ਮਲਿਕ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਨੂੰ ਕੋਈ ਖ਼ਤਰਾ ਨਹੀਂ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਤਬਾਦਲਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅਜਿਹੀ ਕੋਈ ਗੱਲ ਨਹੀਂ ਹੈ, ਪਰ ਫਿਰ ਵੀ ਆਖ਼ਰੀ ਫ਼ੈਸਲਾ ਹਾਈਕਮਾਂਡ ਨੇ ਲੈਣਾ ਹੈ।