ਮੋਗਾ, 5 ਨਵੰਬਰ

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬੁਢਾਪਾ ਪੈਨਸ਼ਨ ਧਾਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੌਕੇ ਲੱਗੀਆਂ ਬੁਢਾਪਾ ਪੈਨਸ਼ਨਾਂ ਦੀ ਪੜਤਾਲ ਦੌਰਾਨ 70 ਹਜ਼ਾਰ ਤੋਂ ਵੱਧ ਲਾਭਪਾਤਰੀ ਨੂੰ ਅਯੋਗ ਪਾਏ ਗਏ, ਜੋ ਸਰਕਾਰੀ ਖ਼ਜ਼ਾਨੇ ਨੂੰ 162.35 ਕਰੋੜ ਦਾ ਚੂਨਾ ਲਗਾ ਰਹੇ ਸਨ। ਸੂਬਾ ਸਰਕਾਰ ਨੇ ਹੁਣ ਬੁਢਾਪਾ ਪੈਨਸ਼ਨ ਲਈ ਵੱਧ ਉਮਰ ਲਿਖਾ ਕੇ ਬਜ਼ੁਰਗ ਬਣੇ ਲੋਕਾਂ ਤੋਂ ਵਸੂਲੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ਲੋਕਾਂ ਨੂੰ ਸਰਕਾਰ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1728 ਅਯੋਗ ਲਾਭਪਾਤਰੀਆਂ ਤੋਂ 4.80 ਕਰੋੜ ਰੁਪਏ ਦੀ ਵਸੂਲੀ ਲਈ ਨੋਟਿਸ ਜਾਰੀ ਕੀਤੇ ਗਏ ਹਨ। ਅਯੋਗ ਪੈਨਸ਼ਨਰਾਂ ਨੂੰ ਰਿਕਵਰੀ ਤੋਂ ਪਹਿਲਾਂ 15 ਦਿਨਾਂ ਦਾ ਮੌਕਾ ਦਿੱਤਾ ਗਿਆ ਹੈ। ਉਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ। ਨਿਸ਼ਚਿਤ ਸਮੇਂ ਦੌਰਾਨ ਪੱਖ ਪੇਸ਼ ਨਾ ਕਰਨ ’ਤੇ ਵਸੂਲੀ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੀ ਉਮਰ ਦੇ ਸਬੂਤਾਂ ਨੂੰ ਘੋਖਣ ਮਗਰੋਂ ਜ਼ਿਲ੍ਹਾ ਕਮੇਟੀ ਰਿਕਵਰੀ ਦਾ ਫ਼ੈਸਲਾ ਕਰੇਗੀ। ਪੜਤਾਲ ’ਚ ਜੋ ਵੱਧ ਜ਼ਮੀਨ ਵਾਲੇ ਲਾਭਪਾਤਰੀ ਅਯੋਗ ਪਾਏ ਗਏ ਹਨ, ਉਨ੍ਹਾਂ ਤੋਂ ਭੌਂ ਮਾਲੀਆ ਐਕਟ ਤਹਿਤ ਵਸੂਲੀ ਕੀਤੀ ਜਾਵੇਗੀ।