ਚੰਡੀਗੜ੍ਹ, 19 ਸਤੰਬਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਹੁਣ ਤੱਕ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਰਹੇ ਹਨ। ਜ਼ਿਕਰਯੋਗ ਹੈ ਕਿ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ। ਬਾਜਵਾ ਨੇ ਕਿਹਾ ਕਿ ਮਾਨ ਨੂੰ ਪੰਜਾਬ ਦਾ ਸਭ ਤੋਂ ਵਧੀਆ ਮੁੱਖ ਮੰਤਰੀ ਕਹਿਣਾ ਕੇਜਰੀਵਾਲ ਦਾ ਗੁਮਰਾਹਕੁਨ ਬਿਆਨ ਹੈ। ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਦੱਸਣਾ ਚਾਹੁੰਦੇ ਹਨ ਕਿ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਪ੍ਰਤਾਪ ਸਿੰਘ ਕੈਰੋਂ ਵਿਚਾਲੇ ਕੋਈ ਤੁਲਨਾ ਨਹੀਂ ਹੈ। ਉਨ੍ਹਾਂ ਦਾ ਦ੍ਰਿਸ਼ਟੀਕੋਣ, ਕਾਰਜਸ਼ੈਲੀ ਅਤੇ ਸੂਬੇ ਲਈ ਯੋਗਦਾਨ ਸਭ ਕੁੱਝ ਵੱਖਰੇ ਸਨ। ਕੈਰੋਂ ਬਹੁਤ ਪੜ੍ਹੇ-ਲਿਖੇ ਵਿਅਕਤੀ ਸਨ। ਉਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਯੂਨੀਵਰਸਿਟੀਆਂ ਤੋਂ ਦੋ ਮਾਸਟਰ ਡਿਗਰੀਆਂ ਕੀਤੀਆਂ ਸਨ। ਉਨ੍ਹਾਂ ਨੇ ਕੈਲੇਫੋਰਨੀਆ ਯੂਨੀਵਰਸਿਟੀ ਬਰਕਲੇ ਤੋਂ ਅਰਥਸ਼ਾਸਤਰ ਵਿੱਚ ਐਮਏ ਅਤੇ ਮਿਸ਼ੀਗਨ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ਵਿੱਚ ਐੱਮਏ ਕੀਤੀ ਸੀ। ਇਸ ਦੇ ਉਲਟ ਭਗਵੰਤ ਮਾਨ ਨੇ ਸਿਰਫ਼ 10+2 ਦੀ ਪੜ੍ਹਾਈ ਪੂਰੀ ਕੀਤੀ।