ਫ਼ਰੀਦਕੋਟ, 30 ਜੁਲਾਈ
ਕੋਟਕਪੂਰਾ ਗੋਲੀ ਕਾਂਡ ਵਿੱਚ ਹਾਈਕੋਰਟ ਤੋਂ ਆਰਜ਼ੀ ਜਮਾਨਤ ਮਿਲਣ ਮਗਰੋਂ ਐੱਸ.ਪੀ. ਬਲਜੀਤ ਸਿੰਘ ਸਿੱਧੂ ਅੱਜ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋਏ। ਦੋ ਦਿਨ ਪਹਿਲਾਂ ਐੱਸ.ਪੀ. ਬਲਜੀਤ ਸਿੰਘ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 29 ਜੁਲਾਈ ਨੂੰ ਸਵੇਰੇ 10 ਵਜੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਵਿਸ਼ੇਸ਼ ਜਾਂਚ ਟੀਮ ਨੇ ਐੱਸ.ਪੀ. ਬਲਜੀਤ ਸਿੱਧੂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਕੁਝ ਦਿਨ ਪਹਿਲਾਂ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇਸੇ ਦੌਰਾਨ ਬੇਅਦਬੀ ਕਾਂਡ ਵਿੱਚ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ ਚੱਲਦੇ ਮੁਕੱਦਮੇ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਉਪਰੰਤ ਇਹਨਾਂ ਪ੍ਰੇਮੀਆਂ ਦੀ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਰਿਹਾਈ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਪੁਲੀਸ ਫ਼ਰੀਦਕੋਟ ਨੇ ਇਹਨਾਂ ਸੱਤ ਡੇਰਾ ਪ੍ਰੇਮੀਆਂ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੰਜਾਬ ਪੁਲੀਸ ਦੇ ਦਸ ਜਵਾਨ ਡੇਰਾ ਪ੍ਰੇਮੀਆਂ ਦੇ ਸੁਰੱਖਿਆ ਕਰਮਚਾਰੀਆਂ ਵਜੋਂ ਤਾਇਨਾਤ ਕੀਤੇ ਗਏ ਹਨ। ਖੁਫ਼ੀਆ ਵਿਭਾਗ ਪੰਜਾਬ ਨੇ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਦੀ ਜਾਨ ਨੂੰ ਖਤਰਾ ਦੱਸਿਆ ਸੀ ਅਤੇ ਬੇਅਦਬੀ ਕਾਂਡ ਵਿੱਚ ਮੁਲਜ਼ਮਾਂ ਵਜੋਂ ਨਾਮਜ਼ਦ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ ਪੁਲੀਸ ਸੁਰੱਖਿਆ ਦੇਣ ਲਈ ਕਿਹਾ ਗਿਆ ਸੀ।