ਫਰੀਦਕੋਟ, 7 ਮਾਰਚ
ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਚਲਾਨ ਨੂੰ ਚੈੱਕ ਕਰਨ ਤੋਂ ਬਾਅਦ ਅੱਜ ਮੈਜਿਸਟਰੇਟ ਅਜੈਪਾਲ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ ਅਤੇ ਡੀ.ਆਈ.ਜੀ. ਅਮਰ ਸਿੰਘ ਚਾਹਲ ਨੂੰ ਨੋਟਿਸ ਜਾਰੀ ਕਰ ਕੇ 23 ਮਾਰਚ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋਣ ਦਾ ਆਦੇਸ਼ ਦਿੱਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੁੰਦੇ ਤਾਂ ਉਨ੍ਹਾਂ ਖਿਲਾਫ਼ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ 7 ਹਜ਼ਾਰ ਪੰਨਿਆਂ ਦਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਕੇਸ ਵਿੱਚ ਪਰਮਰਾਜ ਸਿੰਘ ਉਮਰਾਨੰਗਲ, ਸਮੇਧ ਸੈਣੀ ਅਤੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਐੱਸ.ਐੱਸ.ਪੀ ਸੁਖਮਿੰਦਰ ਸਿੰਘ ਮਾਨ, ਡੀ.ਆਈ.ਜੀ. ਅਮਰ ਸਿੰਘ ਚਾਹਲ ਨੂੰ ਇਸ ਕੇਸ ਵਿੱਚ ਅਜੇ ਤੱਕ ਕਿਸੇ ਵੀ ਅਦਾਲਤ ਵਿੱਚੋਂ ਜ਼ਮਾਨਤ ਨਹੀਂ ਮਿਲੀ। ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮੁੱਖ ਸਾਜਿਸ਼ਘਾੜਾ ਦੱਸਿਆ ਗਿਆ ਹੈ ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ ਉੱਪਰ ਇਸ ਸਾਜਿਸ਼ ਨੂੰ ਅੰਜਾਮ ਦੇਣ ਵਿੱਚ ਸਹਿਯੋਗ ਦੇਣ ਦੇ ਦੋਸ਼ ਹਨ। ਇਸੇ ਦਰਮਿਆਨ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਨੂੰ ਅੱਗੇ ਤੋਰਦਿਆਂ 14 ਅਕਤੂਬਰ 2015 ਨੂੰ ਕੋਟਕਪੂਰਾ ਗੋਲੀ ਕਾਂਡ ਤੋਂ ਕੁਝ ਮਿੰਟ ਪਹਿਲਾਂ ਦੀ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਆਮ ਲੋਕਾਂ ਨੂੰ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ ਜੋ ਸ਼ਾਂਤਮਈ ਧਰਨੇ ਦੇ ਪਿਛਲੇ ਪਾਸੇ ਹਥਿਆਰਬੰਦ ਹੋ ਕੇ ਘੁੰਮ ਰਿਹਾ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਜਲਦ ਹੀ ਇੱਕ ਹੋਰ ਚਲਾਨ ਵੀ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਹੈ। ਅਦਾਲਤ ਨੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ ਗੁਰਦੀਪ ਸਿੰਘ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਜਾਂਚ ਟੀਮ ਨੇ ਐੱਸ.ਐੱਚ.ਓ. ਗੁਰਦੀਪ ਸਿੰਘ ਖਿਲਾਫ਼ ਵੀ ਚਲਾਨ ਪੇਸ਼ ਕੀਤਾ ਹੈ। ਇਸ ਮੁਕੱਦਮੇ ਵਿੱਚ ਪਹਿਲਾਂ ਧਰਨਾਕਾਰੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਪਰ ਜਾਂਚ ਟੀਮ ਨੇ ਹੁਣ ਖੁਲਾਸਾ ਕੀਤਾ ਹੈ ਕਿ ਗੁਰਦੀਪ ਸਿੰਘ ਪੰਧੇਰ ਨੇ ਕਥਿਤ ਤੌਰ ’ਤੇ ਸਾਜਿਸ਼ ਰਚ ਕੇ ਬੇਕਸੂਰ ਲੋਕਾਂ ਖਿਲਾਫ਼ ਝੂਠਾ ਪਰਚਾ ਦਰਜ ਕਰ ਕੇ ਖੁਦ ਅਤੇ ਬਾਕੀ ਮੁਲਜ਼ਮਾਂ ਨੂੰ ਗੋਲੀ ਕਾਂਡ ਤੋਂ ਬਾਅਦ ਪੈਦਾ ਹੋਏ ਹਾਲਾਤ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ।