ਸੰਗਰੂਰ, 10 ਦਸੰਬਰ

ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਥਾਨਕ ਰੇਲਵੇ ਸਟੇਸ਼ਨ ਤੋਂ ਡਿਪਟੀ ਕਮਿਸ਼ਨਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਪੱਤਰਕਾਰਾਂ, ਬੁੱਧੀਜੀਵੀਆਂ, ਸਿਆਸੀ ਕੈਦੀਆਂ/ਹਵਾਲਾਤੀਆਂ ਸਮੇਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਵਰਕਰ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜੇ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ  ਸਿੰਘ ਲੌਂਗੋਵਾਲ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਮੀਨ ਪ੍ਰਾਪਤੀ  ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਵਿੱਚ ਫਿਰਕੂ ਫਾਸ਼ੀਵਾਦੀ ਮਾਹੌਲ ਬਣਾ ਰਹੀ ਹੈ ਜਿਸ ਕਾਰਨ ਮੁੜ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ’ਤੇ ਘਾਣ ਹੋ ਰਿਹਾ ਹੈ। ਉਨ੍ਹਾਂ ਜਮਹੂਰੀ ਕਾਰਕੁਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।