ਚੰਡੀਗੜ੍ਹ, 28 ਜੂਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੀ ਮੀਟਿੰਗ ਦੌਰਾਨ ਕੰਢੀ ਖੇਤਰ ’ਚ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦਾ ਵਿਕਾਸ ਯਕੀਨੀ ਕਰਨ ’ਤੇ ਜ਼ੋਰ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਬਾਰੇ ਆਕਰਸ਼ਿਤ ਕੀਤਾ ਜਾ ਸਕਦਾ ਹੈ। ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਇਨ੍ਹਾਂ ਖੇਤਰਾਂ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ’ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਲੋਕਾਂ ਦੀ ਜੀਵਨ ਸ਼ੈਲੀ ’ਚ ਤਬਦੀਲੀ ਆ ਸਕੇਗੀ।

ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ’ਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸੇ ’ਤੇ ਉਭਾਰਨ ’ਚ ਸਹਾਈ ਹੋ ਸਕਦਾ ਹੈ।