ਨਵੀਂ ਦਿੱਲੀ, 17 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਂਤੀ, ਸੁਰੱਖਿਆ ਅਤੇ ਵਿਸ਼ਵਾਸ ਦੀ ਘਾਟ ਨੂੰ ਇਸ ਖੇਤਰ ਦੀ ਸਭ ਤੋਂ ਵੱਡੀ ਚੁਣੌਤੀ ਕਰਾਰ ਦਿੰਦਿਆਂ ਕਿਹਾ ਕਿ ਕੱਟੜਪੰਥੀ ਵਿਚਾਰਧਾਰਾ ਇਨ੍ਹਾਂ ਸਮੱਸਿਆਵਾਂ ਦੀ ਜੜ੍ਹ ਹੈ। ਅੱਜ ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿੱਚ ਹੋਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਸਾਲਾਨਾ ਸਿਖਰ ਬੈਠਕ ਨੂੰ ਡਿਜੀਟਲ ਰੂਪ ਵਿੱਚ ਸੰਬੋਧਨ ਕਰਦੇ ਹੋਏ ਇਸ ਕੜੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅਫ਼ਗਾਨਿਸਤਾਨ ਵਿੱਚ ਤਾਜ਼ਾ ਘਟਨਾਕ੍ਰਮ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੰਗਠਨ ਦੇ ਮੈਂਬਰ ਦੇਸ਼ਾਂ ਨੂੰ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਐੱਸਸੀਓ ਦੇ ਨਵੇਂ ਮੈਂਬਰ ਇਰਾਨ ਦਾ ਸਵਾਗਤ ਕੀਤਾ ਅਤੇ ਗੱਲਬਾਤ ਦੇ ਸਹਿਯੋਗੀ ਮੁਲਕਾਂ ਦਾ ਧੰਨਵਾਦ ਵੀ ਕੀਤਾ।