ਚੰਡੀਗੜ੍ਹ: ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਿਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇੱਥੇ ਇੱਕ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਕਾਲਾ (48 ਸਾਲ) ਪੁੱਤਰ ਸ.ਮੋਹਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬਡਵਾਲਾ ਤਹਿ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਕਿਡਨੀ ਦੀ ਦਵਾਈ ਲੈਣ ਲਈ ਖਨੌਰੀ ਮੋਰਚੇ ਤੋਂ ਪੀਜੀਆਈ ਚੰਡੀਗੜ੍ਹ ਆ ਰਿਹਾ ਸੀ ਪਰ ਰਸਤੇ ਵਿੱਚ ਇੱਕ ਅਵਾਰਾ ਪਸ਼ੂ ਦੇ ਸਾਹਮਣੇ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਸੜਕ ਸੁਰੱਖਿਆ ਬਲ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲੇ ਹਨ। ਇਸ ਮੌਕੇ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।