‘ਆਪ’ ਵਿੱਚ ਸੱਚ ਬੋਲਣ ਵਾਲਿਆਂ ਲਈ ਕੋਈ ਥਾਂ ਨਹੀਂ: ਖਹਿਰਾ
ਅੰਮ੍ਰਿਤਸਰ : ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਇੱਥੇ ਆਮ ਆਦਮੀ ਪਾਰਟੀ ਵਿੱਚੋਂ ਮੁਅੱਤਲ ਕੀਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਘਰ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਦੀ ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਮੁਲਾਕਾਤ ਮਗਰੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਤਾਨਾਸ਼ਾਹ ਵਤੀਰਾ ਚੱਲ ਰਿਹਾ ਹੈ, ਜਿਸ ਨੂੰ ਉਨ੍ਹਾਂ ਖੁਦ ਵੀ ਭੋਗਿਆ ਅਤੇ ਹੰਡਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਿੱਚ ਸੱਚ ਬੋਲਣ ਵਾਲਿਆਂ ਲਈ ਕੋਈ ਥਾਂ ਨਹੀਂ ਅਤੇ ਜੇ ਕੋਈ ਸਿਰ ਚੁੱਕਦਾ ਹੈ ਤਾਂ ਉਸ ਨੂੰ ਦਬਾਅ ਦਿੱਤਾ ਜਾਂਦਾ ਹੈ। ਬਿਕਰਮ ਸਿੰਘ ਮਜੀਠੀਆ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਉਸ ਦੇ ਘਰ ਪੁਲੀਸ ਵਾਲੇ ਸਾਦੇ ਕੱਪੜਿਆਂ ਵਿੱਚ ਆਏ ਸਨ, ਜਿਨ੍ਹਾਂ ਕੋਲ ਨਾ ਤਾਂ ਸਰਚ ਵਾਰੰਟ ਅਤੇ ਨਾ ਹੀ ਗ੍ਰਿਫ਼ਤਾਰੀ ਲਈ ਲੋੜੀਂਦੇ ਦਸਤਾਵੇਜ਼ ਸਨ। ਪੁਲੀਸ ਦੀ ਇਸ ਕਾਰਵਾਈ ਦਾ ਵੱਡੇ ਪੱਧਰ ’ਤੇ ਦੇਸ਼ ਵਿਦੇਸ਼ ਵਿੱਚ ਵਿਰੋਧ ਹੋਇਆ ਹੈ ਅਤੇ ਇਸੇ ਕੜੀ ਵਿੱਚ ਹੀ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਇਸ ਕਾਰਵਾਈ ਦਾ ਵਿਰੋਧ ਕੀਤਾ ਸੀ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਮੁਲਾਕਾਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਉਨ੍ਹਾਂ ਵਿਚਾਲੇ ਸਿਰਫ ਇੱਕ ਕੜੀ ਸੀ ਜੋ ਕਿ ਬੇਅਦਬੀ ਮਾਮਲਿਆਂ ਵਿੱਚ ਨਿਆਂ ਦੇਣਾ ਸੀ। ਉਹ ਇਸੇ ਗੱਲ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।