ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ 7 ਅਕਤੂਬਰ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਦੇ ਰੋਸ ਮਾਰਚ ਦੀਆਂ ਤਿਆਰੀਆਂ ਲਈ 15 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਕਮੇਟੀ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ, ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਬਸਪਾ ਆਗੂ ਲਾਲ ਸਿੰਘ ਸੁਲਹਾਨੀ, ਸੁਖਪਾਲ ਸਿੰਘ ਖਹਿਰਾ, ਬਲਦੇਵ ਸਿੰਘ, ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ (ਪੰਜੇ ਵਿਧਾਇਕ) ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਖਦਰਸ਼ਨ ਸਿੰਘ ਮਰਾੜ ਮੈਂਬਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੱਖਣ ਸਿੰਘ ਨੰਗਲ ਮੈਂਬਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਬੰਸ ਸਿੰਘ ਸ਼ਾਮਲ ਹਨ। ਸੁਖਪਾਲ ਸਿੰਘ ਖਹਿਰਾ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।

ਸ੍ਰੀ ਖਹਿਰਾ ਨੇ ਦੱਸਿਆ ਕਿ ਕਮੇਟੀ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ ਫਰੀਦਕੋਟ ’ਚ ਹੋਵੇਗੀ ਜਿਸ ’ਚ ਰੋਸ ਮਾਰਚ ਦੀਆਂ ਤਿਆਰੀਆਂ ਅਤੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਮੇਟੀ ਦਾ ਗਠਨ ਕੀਤੇ ਜਾਣ ਦਾ ਫ਼ੈਸਲਾ 21 ਸਤੰਬਰ ਨੂੰ ਚੰਡੀਗੜ੍ਹ ’ਚ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਅਤੇ ਦੋ ਸਿੱਖ ਨੌਜਵਾਨਾਂ ਦੇ ਮਾਰੇ ਜਾਣ ਦੇ ਮਾਮਲਿਆਂ ਵਿੱਚ ਇਨਸਾਫ ਦੇਣ ਤੋਂ ਇਨਕਾਰੀ ਹੋਣ ਵਿੱਚ ਨਾ ਸਿਰਫ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਮਿਲੇ ਹੋਏ ਹਨ ਬਲਕਿ 7 ਅਕਤੂਬਰ ਦੇ ਰੋਸ ਮਾਰਚ ਨੂੰ ਸਫ਼ਲ ਹੋਣ ਤੋਂ ਰੋਕਣ ਲਈ ਉਸੇ ਹੀ ਦਿਨ ਰੈਲੀਆਂ ਰੱਖ ਦਿੱਤੀਆਂ ਗਈਆਂ ਹਨ।
ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਪੁਲੀਸ ਗੋਲੀ ਕਾਂਡ ਦੇ ਦੋਸ਼ੀ ਪੁਲੀਸ ਅਫਸਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਨਸਾਫ ਦੇਣ ਦੀ ਥਾਂ ਰੈਲੀਆਂ ਕਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ 7 ਅਕਤੂਬਰ ਪੰਜਾਬੀਆਂ ਅਤੇ ਸਿੱਖਾਂ ਵਾਸਤੇ ਇਮਤਿਹਾਨ ਦਾ ਦਿਨ ਹੋਵੇਗਾ ਕਿ ਉਹ ਲੰਬੀ ਅਤੇ ਪਟਿਆਲਾ ਰੈਲੀਆਂ ਵਿੱਚ ਸ਼ਾਮਿਲ ਹੁੰਦੇ ਹਨ ਜਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ’ਚ ਮਾਰੇ ਗਏ ਸਿੱਖ ਨੌਜਵਾਨਾਂ ਲਈ ਇਨਸਾਫ਼ ਵਾਸਤੇ ਕੀਤੇ ਜਾ ਰਹੇ ਰੋਸ ਮਾਰਚ ਵਿੱਚ।