ਚੰਡੀਗੜ੍ਹ, 12 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ, ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨਐਫਐੱਸਏ) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ। ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਐੱਨਐੱਫਐੰਸਏ ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ। ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਯੋਗ ਵਿਅਕਤੀਆਂ ਨੂੰ ਸੂਬਾ ਸਰਕਾਰ ਦੁਆਰਾ ਫੰਡ ਕੀਤੀ ਇਕ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ, ਜਿਸ ਦੇ ਵੇਰਵੇ ਛੇਤੀ ਹੀ ਦੱਸੇ ਜਾਣਗੇ।

ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡੀਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਮ ਦੀ ਖੁੱਲ੍ਹ ਹੋਵੇਗੀ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।

ਮੁੱਖ ਮੰਤਰੀ ਨੇ ਖੇਤੀਬਾੜੀ ਆਰਡੀਨੈਂਸਾਂ ਰਾਹੀਂ ਪੰਜਾਬ ਦੇ ਕਿਸਾਨਾਂ ਦਾ ਹੌਸਲਾ ਤੋੜਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਕਿਸਾਨਾਂ ਨੇ ਸੂਬੇ ਅਤੇ ਦੇਸ਼ ਦਾ ਸਖਤ ਘਾਲਣਾ ਘਾਲ ਕੇ ਢਿੱਡ ਭਰਿਆ ਹੈ ਅਤੇ ਇਹ ਆਰਡੀਨੈਂਸ ਜੋ ਘੱਟ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਮੁੱਢ ਬੰਨ੍ਹਦੇ ਹਨ, ਕਿਸਾਨਾਂ ਲਈ ਵਿਨਾਸ਼ਕਾਰੀ ਸਾਬਤ ਹੋਣਗੇ। ਸਤਲੁਜ ਯਮਨਾ ਲਿੰਕ (ਐੱਸਵਾਈਐੱਲ) ਨਹਿਰ ਮੁੱਦੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਹੋਰ ਸਮੱਸਿਆ ਹੈ ਜਿਸ ਦਾ ਸਾਹਮਣਾ ਪੰਜਾਬ ਨੂੰ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸਰੋਤ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਇਕ ਮੀਟਿੰਗ ਕੀਤੀ ਹੈ ਪਰ ਇਹ ਸਮੱਸਿਆ ਸੂਬੇ ਦਾ ਪਿੱਛਾ ਨਹੀਂ ਛੱਡ ਰਹੀ। ਪਿਘਲ ਰਹੇ ਗਲੇਸ਼ੀਅਰਾਂ ਅਤੇ ਸੂਬੇ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ ਪੱਧਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਥਿਤੀ ਨਾਜ਼ੁਕ ਹੈ ਅਤੇ ਸੂਬਾ ਕਿਸੇ ਵੀ ਹੋਰ ਕਿਸੇ ਵੀ ਸੂਬੇ ਨੂੰ ਪਾਣੀ ਦੀ ਹਾਲਤ ਵਿੱਚ ਬਿਲਕੁਲ ਨਹੀਂ ਹੈ।