ਬਠਿੰਡਾ, 1 ਅਕਤੂਬਰ

ਕੇਂਦਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਇੱਥੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭੁੱਚੋ ਨੇੜੇ ਬੈਸਟ ਪ੍ਰਾਈਜ਼ ਸ਼ਾਪਿੰਗ ਮਾਲ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਪਿੰਡ ਲਹਿਰਾ ਬੇਗਾ ਅਤੇ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਪਿੰਡ ਜੀਦਾ ਨੇੜੇ ਬਣੇ ਟੌਲ ਪਲਾਜ਼ਿਆਂ ’ਤੇ ਧਰਨਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਭੁੱਚੋ ਅਤੇ ਰਾਮਪੁਰਾ ਨੇੜਲੇ ਰਿਲਾਇੰਸ ਤੇ ਐੱਸਾਰ ਕੰਪਨੀ ਦੇ ਪੈਟਰੋਲ ਪੰਪਾਂ ’ਤੇ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਹੋਰ ਕਿਸਾਨ ਸੰਗਠਨਾਂ ਵੱਲੋਂ ਬਠਿੰਡਾ ਵਿੱਚ ਰੇਲਵੇ ਪਟੜੀ ’ਤੇ ਧਰਨਾ ਲਾ ਕੇ ‘ਰੇਲ ਰੋਕੋ’ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਰੱਦਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਧਰਨਿਆਂ ਦੀ ਅਗਵਾਈ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ, ਬਲਦੇਵ ਸਿੰਘ ਭਾਈਰੂਪਾ, ਅਮਰਜੀਤ ਹਨੀ, ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ ਆਦਿ ਕਿਸਾਨ ਆਗੂਆਂ ਵੱਲੋਂ ਕੀਤੀ ਜਾ ਰਹੀ ਹੈ।