ਟੱਲੇਵਾਲ, 16 ਅਕਤੂਬਰ

ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਧਰਨਾ ਦੇਣ ਦਾ ਮਕਸਦ ਕਾਂਗਰਸ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਣਾ ਹੈ, ਜੋ ਉਨ੍ਹਾਂ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ। ਇਸ ਧਰਨੇ ਦੌਰਾਨ ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਪ੍ਰਾਈਵੇਟ ਮੰਡੀ ਦੇ ਬਿੱਲ ਨੂੰ ਵੀ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾਵੇਗਾ। ਇਸ ਧਰਨੇ ਦੌਰਾਨ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ ਅਤੇ ਕਿਸਾਨ ਸ਼ਾਮਿਲ ਹੋਣਗੇ। ਇਨ੍ਹਾਂ ਮੰਗਾਂ ਨੂੰ ਲੈ ਕੇ 17 ਅਕਤੂਬਰ ਨੂੰ ਜਥੇਬੰਦੀ ਵੱਲੋਂ ਜ਼ਿਲ੍ਹਾ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ 17 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਆਪਣੇ ਮੋਰਚਿਆਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ 25 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਇਆ ਜਾਵੇਗਾ। ਇਸ ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ, ਹਰਿੰਦਰ ਬਿੰਦੂ, ਕਮਲਜੀਤ ਕੌਰ, ਚਮਕੌਰ ਸਿੰਘ ਨੈਣੇਵਾਲ, ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਜ਼ਿਲ੍ਹਾ ਦੇ ਜਥੇਬੰਦੀ ਆਗੂ ਹਾਜ਼ਰ ਸਨ।