ਚੰਡੀਗੜ੍ਹ, 23 ਜਨਵਰੀ
ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਪਰੇਡ ’ਚੋਂ ਸੂਬੇ ਦੀ ਝਾਕੀ ਨੂੰ ਬਾਹਰ ਕੀਤੇ ਜਾਣ ’ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਵਿਰੋਧੀ ਧਿਰਾਂ ਨੇ ਵੀ ਕੇਂਦਰ ਦੇ ਇਸ ਫ਼ੈਸਲੇ ਨੂੰ ਆੜੇ ਹੱਥੀਂ ਲੈਂਦਿਆਂ ਇਕਮੁੱਠਤਾ ਦਿਖਾਈ ਹੈ। ਪੰਜਾਬ ਦੀਆਂ ਝਾਕੀਆਂ ਨੂੰ ਇਸ ਤੋਂ ਪਹਿਲਾਂ ਸਾਲ 2017 ਵਿਚ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪੰਜਾਬ ਦੀ ਆਜ਼ਾਦੀ ਸੰਗਰਾਮ ਵਿਚ ਭੂਮਿਕਾ ਦੇ ਮੱਦੇਨਜ਼ਰ ਸੂਬੇ ਨੂੰ ਹਮੇਸ਼ਾ ਤਰਜੀਹ ਮਿਲਦੀ ਰਹੀ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਵਿਤਕਰੇ ਭਰਿਆ ਰਵੱਈਆ ਦੱਸਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਲਫ਼ਜ਼ਾਂ ਵਿਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਗਣਤੰਤਰ ਦਿਵਸ ਪਰੇਡ ’ਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਰ੍ਹਿਆਂ ਤੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਕਾਸ ਨੂੰ ਗਣਤੰਤਰ ਦਿਵਸ ਪਰੇਡ ਮੌਕੇ ਪੇਸ਼ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਐਤਕੀਂ ਕੇਂਦਰ ਸਰਕਾਰ ਨੇ ਵਿਤਕਰੇ ਭਰਿਆ ਕਦਮ ਚੁੱਕ ਕੇ ਪੰਜਾਬ ਨੂੰ ਅਣਗੌਲਿਆ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਰਵੱਈਏ ਦੀ ਬਦੌਲਤ ਪੰਜਾਬ ਦਾ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਰੇਡ ’ਚ ਨਜ਼ਰਅੰਦਾਜ਼ ਹੋਵੇਗਾ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਕਰਾਉਣ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਮੁੜ ਵਿਚਾਰਿਆ ਜਾਵੇ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹਾ ਕਰਕੇ ਧਰੋਹ ਕੀਤਾ ਹੈ ਜਿਸ ਕਰਕੇ ਪੰਜਾਬ ਆਪਣਾ ਸਭਿਆਚਾਰ ਤੇ ਇਤਿਹਾਸ ਪਰੇਡ ਮੌਕੇ ਦਿਖਾ ਨਹੀਂ ਸਕੇਗਾ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਝਾਕੀ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਨੇ ‘ਇੰਡੀਆ ਐਟ 75: ਫਰੀਡਮ ਸਟ੍ਰੱਗਲ’ ਤੇ ਮੁਲਕ ਲਈ ਪੰਜਾਬ ਦੇ ਯੋਗਦਾਨ ਦੇ ਵਿਸ਼ੇ ’ਤੇ ਕੇਂਦਰਿਤ ਤਿੰਨ ਝਾਕੀਆਂ ਦੀ ਤਜਵੀਜ਼ ਭੇਜੀ ਸੀ। ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਬਣਾਈ ਵਿਸ਼ਾ ਮਾਹਿਰ ਕਮੇਟੀ ਨੇ ਪੰਜਾਬ ਨੂੰ ਆਊਟ ਕਰਨ ’ਤੇ ਸਹੀ ਪਾਈ ਹੈ। ਪਿਛਲੇ ਵਰ੍ਹੇ ਗਣਤੰਤਰ ਦਿਵਸ ਪਰੇਡ ’ਚੋਂ ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਕੇਰਲਾ ਦੀ ਝਾਕੀ ਨੂੰ ਬਾਹਰ ਕੀਤਾ ਗਿਆ ਸੀ।