ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਬਤੌਰ ਸਿੱਖ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਅਕਤੂਬਰ-ਨਵੰਬਰ 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕੀਤੇ ਕਤਲੇਆਮ ਵਿੱਚ ਕਾਂਗਰਸ ਪਾਰਟੀ ਤੇ ਇਸ ਦੇ ਵੱਡੇ ਆਗੂਆਂ ਦੀ ਭੂਮਿਕਾ ਬਾਰੇ ਸੁਪਰੀਮ ਕੋਰਟ ਵੱਲੋਂ ਕਰਵਾਈ ਜਾ ਰਹੀ ਜਾਂਚ ਵਿੱਚ ਇੱਕ ਚਸ਼ਮਦੀਦ ਗਵਾਹ ਵਜੋਂ ਪੇਸ਼ ਹੋਣ। ਅੱਜ ਇੱਥੇ ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਨੂੰ ਦੰਗਿਆਂ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਮੁੱਖ ਮੰਤਰੀ ਨੇ ਸਮੁੱਚੇ ਸਿੱਖ ਭਾਈਚਾਰੇ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਸ੍ਰੀ ਬਾਦਲ ਨੇ ਕੈਪਟਨ ਅਮਰਿੰਦਰ ਉੱਤੇ ਦੋਸ਼ ਲਾਇਆ ਕਿ ਉਹ ਆਪਣੀ ਕੁਰਸੀ ਬਚਾਉਣ ਲਈ ਪੀੜਤ ਬੇਗੁਨਾਹ ਪਰਿਵਾਰਾਂ ਦੀ ਹਮਾਇਤ ਕਰਨ ਦੀ ਥਾਂ ਹਤਿਆਰਿਆਂ ਪ੍ਰਤੀ ਵਫਾਦਾਰੀ ਨਿਭਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਚਾਨਕ ਹੀ ਰਾਹੁਲ ਗਾਂਧੀ, ਅਮਰਿੰਦਰ ਅਤੇ ਦੂਜੇ ਕਾਂਗਰਸੀ ਆਗੂਆਂ ਵੱਲੋਂ ਬਿਆਨਾਂ ਰਾਹੀਂ ਕਾਂਗਰਸ ਪਾਰਟੀ ਨੂੰ ਜਾਰੀ ਕੀਤੇ ਜਾ ਰਹੇ ਨਿਰਦੋਸ਼ ਹੋਣ ਦੇ ਸਰਟੀਫਿਕੇਟ 1984 ਕਤਲੇਆਮ ਬਾਰੇ ਸੁਪਰੀਮ ਕੋਰਟ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ ਰਾਹੁਲ ਗਾਂਧੀ ਸਨ, ਜੋ ਸਿੱਖ ਕਤਲੇਆਮ ਵਿੱਚ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਦੀ ਭੂਮਿਕਾ ਬਾਰੇ ਘੜੀ ਘੜੀ ਬਿਆਨ ਬਦਲਦੇ ਸਨ ਤੇ ਹੁਣ ਅਚਾਨਕ ਹੀ ਕੈਪਟਨ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਪੀੜਤਾਂ ਨੂੰ ਛੱਡ ਕੇ ਦੋਸ਼ੀਆਂ ਦੇ ਹੱਕ ’ਚ ਭੁਗਤਣ ਲੱਗੇ।