ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਬੀਤੇ ਦਿਨੀਂ ਉਨ੍ਹਾਂ ਵੱਲੋਂ ਹਾਈਕੋਰਟ ਵਿਚ SGPC ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰਨ ਦਾ ਖਿਲਾਫ ਖਦਸ਼ਾ ਜਤਾਇਆ ਗਿਆ ਸੀ ਜਿਸ ਤੋ ਬਾਅਦ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ ਕਿ ਗਿਆਨੀ ਰਘਬੀਰ ਸਿੰਘ ਨੇ ਦੁਨਿਆਵੀ ਅਦਾਲਤ ਵਿਚ ਪਟੀਸ਼ਨ ਪਾ ਕੇ ਆਪਣੇ ਆਪ ਵਿਚ ਵਿਰੋਧ ਦਾ ਪਾਤਰ ਬਣਾ ਲਿਆ ਹੈ। ਕਥਿਤ ਤੌਰ ‘ਤੇ ਐੱਸਜੀਪੀਸੀ ਕੋਲ ਗਿਆਨੀ ਰਘਬੀਰ ਸਿੰਘ ਖਿਲਾਫ ਸ਼ਿਕਾਇਤਾਂ ਵੀ ਪਹੁੰਚੀਆਂ ਸਨ ਜਿਨ੍ਹਾਂ ਵਿਚ ਰਾਗੀ ਜਥਿਆਂ ਨੂੰ ਟਾਈਮ ਦੇਣ ਦੇ ਮਾਮਲੇ ਵੀ ਸ਼ਾਮਲ ਹਨ।
ਗਿਆਨੀ ਰਘਬੀਰ ਸਿੰਘ ਵੱਲੋਂ ਬਿਆਨ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਹ ਕਹਿ ਰਹੇ ਹਨ ਕਿ ਜੋ ਸਿੱਖ ਜਥੇਬੰਦੀਆਂ ਵੱਲੋਂ ਰੋਸ ਜਤਾਇਆ ਗਿਆ ਸੀ ਉਸ ਦੇ ਚੱਲਦਿਆਂ ਪਟੀਸ਼ਨ ਵਾਪਸ ਲਈ ਗਈ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ‘ਤੇ ਭਾਜਪਾ ਨਾਲ ਮਿਲ ਕੇ ਚੱਲਣ ਦੇ ਇਲਜ਼ਾਮ ਵੀ ਲੱਗ ਚੁੱਕੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹਿਣ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਦੇ ਨਾਤੇ ਜਦੋਂ ਉਨ੍ਹਾਂ ਵੱਲੋਂ ਦੁਨਿਆਵੀ ਅਦਾਲਤ ਵਿਚ ਪਟੀਸ਼ਨ ਪਾਈ ਗਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਸੀ। ਇਥੋਂ ਤੱਕ ਕਿ ਕਈ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਇਹ ਸਿੱਖ ਮਰਿਆਦਾ ਦਾ ਉਲੰਘਣ ਹੈ। ਇਨ੍ਹਾਂ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸੁਣਵਾਈ ਤੋਂ ਪਹਿਲਾਂ ਹੀ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ।