ਐਸ.ਏ.ਐਸ. ਨਗਰ (ਮੁਹਾਲੀ), ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਗੁਰਦਾਸਪੁਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਕੈਪਟਨ ਵਿਦੇਸ਼ ਜਾਣ ਸਬੰਧੀ ਮੁਹਾਲੀ ਅਦਾਲਤ ਵਿੱਚ ਮੁਚੱਲਕਾ ਭਰਨ ਆਏ ਸਨ। ਕੋਰਟ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਤੋਂ ਤੁਰੰਤ ਬਾਅਦ ਪੰਜਾਬ ਮੰਤਰੀ ਮੰਡਲ ’ਚ ਵਾਧਾ ਕੀਤਾ ਜਾਵੇਗਾ ਅਤੇ ਸੀਨੀਅਰ ਆਗੂ ਨੂੰ ਤਰਜੀਹ ਦਿੱਤੀ ਜਾਵੇਗੀ।
ਡੇਰਾ ਸਿਰਸਾ ਮੁਖੀ ਨੂੰ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਏ ਤੋਂ ਬਾਅਦ ਭੜਕੀ ਹਿੰਸਾ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਵਸੂਲੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਸਮੇਤ ਹੋਰਨਾਂ ਸਾਰੇ ਅਦਾਰਿਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਇੱਕ ਹਫ਼ਤੇ ਦੇ ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਪੁੱਜੇ ਨੁਕਸਾਨ ਦਾ ਵੇਰਵਾ ਭੇਜਿਆ ਜਾਵੇ ਤਾਂ ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਡੇਰੇ ਨੂੰ ਮੁਆਵਜ਼ਾ ਲੈਣ ਦਾ ਬਿੱਲ ਭੇਜਿਆ ਜਾ ਸਕੇ। ਸੁਰੱਖਿਆ ਪ੍ਰਬੰਧਾਂ ’ਤੇ ਆਏ ਖ਼ਰਚੇ ਬਾਰੇ ਸਮੂਹ ਐਸਐਸਪੀਜ਼ ਆਪਣੀ ਰਿਪੋਰਟ ਭੇਜਣਗੇ। ਇਸੇ ਤਰ੍ਹਾਂ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਦੇ ਘਾਟੇ ਦੀ ਭਰਪਾਈ ਡੇਰੇ ਤੋਂ ਕੀਤੀ ਜਾਵੇਗੀ। ਵਿਧਾਨ ਸਭਾ ਚੋਣਾਂ ਵਿੱਚ ਹਰੇਕ ਘਰ ਵਿੱਚ ਨੌਕਰੀ ਦੇਣ ਦੇ ਵਾਅਦੇ ਬਾਰੇ ਕੈਪਟਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਤਕਨੀਕੀ ਸਿੱਖਿਆ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਮੇਲਿਆਂ ਵਿੱਚ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਵੱਲੋਂ ਵਿੱਦਿਅਕ ਯੋਗਤਾ ਅਨੁਸਾਰ ਹੋਣਹਾਰ ਵਿਦਿਆਰਥੀਆਂ ਦੀ ਨੌਕਰੀ ਸਬੰਧੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਨੂੰ ਹੀ ਰੁਜ਼ਗਾਰ ਮੁਹੱਈਆ ਕਰਵਾਏ। ਇਸ ਤੋਂ ਬਾਅਦ ਬਾਕੀ ਸੂਬਿਆਂ ਦਾ ਨੰਬਰ ਲੱਗੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਦੋਂਕਿ ਵਿਰੋਧੀ ਪਾਰਟੀਆਂ ਦੇ ਆਗੂ ਸਿਰਫ਼ ਦੂਸ਼ਣਬਾਜ਼ੀ ਤੱਕ ਸੀਮਤ ਹਨ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ।
ਵਿਦੇਸ਼ ਜਾਣ ਲਈ ਭਰਿਆ 5 ਲੱਖ ਦਾ ਮੁਚੱਲਕਾ
ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਜਾਣ ਲਈ ਮੁਹਾਲੀ ਅਦਾਲਤ ਵਿੱਚ ਪੇਸ਼ ਹੋ ਕੇ ਪੰਜ ਲੱਖ ਰੁਪਏ ਦਾ ਜ਼ਮਾਨਤੀ ਬਾਂਡ ਭਰਿਆ। ਮੁੱਖ ਮੰਤਰੀ ਨੇ ਬੀਤੀ 28 ਅਗਸਤ ਨੂੰ ਆਪਣੇ ਵਕੀਲਾਂ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗੀ ਸੀ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੈਪਟਨ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਸੀ। ਕਾਰੋਬਾਰੀ ਮੁਨੇਸ਼ਵਰ ਸਿੰਘ ਖਹਿਰਾ ਨੇ ਮੁੱਖ ਮੰਤਰੀ ਵੱਲੋਂ 5 ਲੱਖ ਦਾ ਮੁਚੱਲਕਾ ਭਰਿਆ, ਜਿਸ ਦੀ ਤਸਦੀਕ ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਮਹਿਲਾ ਵਕੀਲ ਰਵਿੰਦਰ ਕੌਰ ਨੇ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਕੈਪਟਨ ਨੂੰ ਅਦਾਲਤ ਵਿੱਚ ਆਪਣੇ ਨੇੜੇ ਸੱਦ ਕੇ ਹਦਾਇਤ ਕੀਤੀ ਕਿ ਉਹ ਵਿਦੇਸ਼ ਜਾ ਕੇ ਕੇਸ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਨਹੀਂ ਮਿਲਣਗੇ ਅਤੇ ਜੇਕਰ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ 32 ਏਕੜ ਜ਼ਮੀਨ ਘੁਟਾਲੇ ਸਬੰਧੀ ਕੋਈ ਕਾਰਵਾਈ ਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ । ਮੁੱਖ ਮੰਤਰੀ ਨੇ ਅਦਾਲਤ ਨੂੰ ਨਿਯਮਾਂ ਅਤੇ ਨਿਆਂਪਾਲਿਕਾਂ ਦੀਆਂ ਹਦਾਇਤਾਂ ’ਤੇ ਅਮਲ ਕਰਨ ਦਾ ਭਰੋਸਾ ਦਿੱਤਾ।