ਅੰਮ੍ਰਿਤਸਰ, ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਅਤੇ ਪੁਲੀਸ ਕਮਿਸ਼ਨਰ ਐਸ. ਸ੍ਰੀਵਾਸਤਵ ਵੀ ਹਾਜ਼ਰ ਸਨ।
ਇਸ ਮੌਕੇ ਸੂਚਨਾ ਕੇਂਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 10 ਸਾਲ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੀ ਆਰਥਿਕਤਾ ਨੂੰ ਨਿਚੋੜ ਕੇ ਰੱਖ ਦਿੱਤਾ ਹੈ ਅਤੇ ਹੁਣ ਇਹ ਲੋਕ ਕਾਂਗਰਸ ਸਰਕਾਰ ਕੋਲੋਂ ਛੇ ਮਹੀਨਿਆਂ ਵਿੱਚ ਹੀ ਹਿਸਾਬ ਮੰਗਣ ਲੱਗ ਪਏ ਹਨ। ਗੁਰਦੁਆਰਿਆਂ ‘ਤੇ ਲਾਏ ਜੀਐਸਟੀ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ ਅਤੇ ਹੁਣ ਇਸ ਬਾਰੇ ਫੈਸਲਾ ਕਰਨਾ ਕੇਂਦਰ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਤੇ ਜੀਐਸਟੀ ਨੇ ਦੇਸ਼ ਦੀ ਆਰਥਿਕਤਾ ਨੂੰ ਢਾਹ ਲਾਈ ਹੈ ਅਤੇ ਹਰ ਕਾਰੋਬਾਰੀ ਇਸ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਵਿਕਾਸ ਦਰ ਘੱਟ ਹੋਣ ਦਾ ਅਸਰ ਹਰੇਕ ਖੇਤਰ ‘ਤੇ ਹੋਇਆ ਹੈ। ਗੁਰਦਾਸਪੁਰ ਲੋਕ ਸਭਾ ਚੋਣ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਡੇ ਫਰਕ ਨਾਲ ਇਹ ਸੀਟ ਜਿੱਤੇਗੀ ਅਤੇ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਦੂਜੇ ਸਥਾਨ ਲਈ ਸੰਘਰਸ਼ ਕਰ ਰਹੇ ਹਨ। 2019 ਦੀਆਂ ਲੋਕ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਾ ਚਾਹੁਣਗੇ। ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਉਨ੍ਹਾਂ ਦਾ ਸਨਮਾਨ ਕੀਤਾ।