ਫ਼ਰੀਦਕੋਟ, 8 ਜੂਨ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮੈਡੀਕਲ ਕਾਲਜ ਵਿੱਚ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਡਾ. ਨਿਰਮਲ ਓਸੇਪਚਨ ਤੇ ਐੱਸਐੱਸਪੀ ਹਰਜੀਤ ਸਿੰਘ ਹਾਜ਼ਰ ਸਨ। ਸਿਹਤ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਨਵੇਂ ਬਣੇ ਜ਼ੱਚਾ-ਬੱਚਾ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਬੱਚਾ ਵਾਰਡ, ਬੱਚਾ ਸਰਜਰੀ ਵਾਰਡ, ਲੈਬਾਰਟਰੀ ਟੈਸਟਾਂ, ਪਰਚੀ ਵਾਲੇ ਕਾਊਂਟਰਾਂ, ਨਿੱਕੂ, ਪਲੇਅ ਰੂਮ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਮੈਡੀਕਲ ਕਾਲਜ ਵਿਖੇ ਨਿਊਕਲੀਅਰ ਮੈਡੀਸਨ ਵਿਭਾਗ ਦਾ ਦੌਰਾ ਕਰਕੇ ਕੀਤੇ ਜਾਂਦੇ ਟੈਸਟਾਂ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਲੋਕਾਂ ਨੂੰ ਪੀਜੀਆਈ ਪੱਧਰ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਪਰੰਤ ਉਨ੍ਹਾਂ ਬਾਬਾ ਫਰੀਦ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿੱਚ ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ, ਸੰਗਰੂਰ, ਮੋਗਾ ਆਦਿ ਜ਼ਿਲ੍ਹਿਆਂ ਵਿੱਚ ਸਿਵਲ ਹਸਪਤਾਲਾਂ ਵਿੱਚ ਚੱਲਣ ਵਾਲੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।