ਅੰਮ੍ਰਿਤਸਰ, 6 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ’ਤੇ ਚੱਲਦਿਆਂ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ।
ਸ੍ਰੀ ਅਕਾਲ ਤਖ਼ਤ ਵਿਖੇ ਕੀਤੇ ਗਏ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਪ੍ਰਕਾਸ਼ ਗੁਰਪੁਰਬ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਸੀ ਅਤੇ ਸਿੱਖਾਂ ਨੂੰ ਜ਼ੁਲਮ ਖਿਲਾਫ਼ ਸੰਘਰਸ਼ ਕਰਨ ਦੀ ਪ੍ਰੇਰਨਾ ਦਿੱਤੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਿੱਖਾਂ ਦੀ ਆਜ਼ਾਦ ਹਸਤੀ ਅਤੇ ਇਲਾਹੀ ਜਲੌਅ ਦਾ ਪ੍ਰਤੀਕ ਹੈ। ਇਸ ਸਿਧਾਂਤ ’ਤੇ ਪਹਿਰਾ ਦੇਣਾ ਹਰ ਸਿੱਖ ਦਾ ਫ਼ਰਜ਼ ਹੈ।