-ਹਰੇਕ ਮਾਈਨਿੰਗ ਖੱਡ ’ਤੇ ਨਿਗਰਾਨੀ ਲਈ ਜੇ ਈ ਰੈਂਕ ਦੇ ਅਧਿਕਾਰੀ ਨਾਲ ਪੁਲਿਸ ਫੋਰਸ ਤਾਇਨਾਤ ਰਹੇਗੀ

ਨਵਾਂਸ਼ਹਿਰ, 28 ਮਾਰਚ, 2022: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਮਾਈਨਿੰਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ (ਐਸ ਬੀ ਐਸ) ਨਗਰ ਵਿੱਚ ਸਾਰੀਆਂ ਮਾਈਨਿੰਗ ਥਾਂਵਾਂ ਦੀ ਮਿਣਤੀ ਦਾ ਕੰਮ ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ (ਡੀਜੀਪੀਐਸ) ਰਾਹੀਂ ਸ਼ਾਮ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਾਨੂੰਨੀ ਮਾਈਨਿੰਗ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਇੱਕ ਵਿਸਥਾਰਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਕਾਨੂੰਨੀ ਮਾਈਨਿੰਗ ਵਾਲੀ ਥਾਂ ’ਤੇ ਇਕ ਜੂਨੀਅਰ ਇੰਜੀਨੀਅਰ ਰੈਂਕ ਦਾ ਅਧਿਕਾਰੀ ਨਿਗਰਾਨੀ ਲਈ ਤਾਇਨਾਤ ਕੀਤਾ ਜਾਵੇਗਾ ਅਤੇ ਹਰੇਕ ਠੇਕੇਦਾਰ ਵੱਲੋਂ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਤਾਂ ਜੋ ਆਮ ਲੋਕਾਂ ਨੂੰ ਸਸਤੇ ਰੇਟਾਂ ’ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰ ਵਾਹਨ ਕੋਲ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ।

ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਪ੍ਰਤੀ ਜ਼ੀਰੋ ਟਾਲਰੈਂਸ ਅਪਣਾਉਣ ਅਤੇ ਉਨ੍ਹਾਂ ਵਿਰੁੱਧ ਤੁਰੰਤ ਐਫ.ਆਈ.ਆਰ ਦਰਜ ਕਰਨ ਦੇ ਨਿਰਦੇਸ਼ ਦਿੰਦਿਆਂ ਡੀ ਸੀ ਸਾਰੰਗਲ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਲਈ ਅਚਨਚੇਤ ਚੈਕਿੰਗ ਕਰਨ ਲਈ ਵੀ ਕਿਹਾ।

ਸ੍ਰੀ ਸਾਰੰਗਲ ਨੇ ਦੱਸਿਆ ਕਿ ਮਾਈਨਿੰਗ ਅਧਿਕਾਰੀਆਂ ਦੇ ਨਾਲ ਵਾਧੂ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ।ਸ੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕੋਈ ਵੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਅਧਿਕਾਰੀ ਜਵਾਬਦੇਹ ਹੋਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਮੁੱਖ ਉਦੇਸ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕਰਨਾ ਯਕੀਨੀ ਬਣਾਉਣਾ ਹੈ। ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਕੋਲ ਪਹਿਲਾਂ ਆਈਆਂ ਸ਼ਿਕਾਇਤਾਂ ਜਾਂ ਐਫ.ਆਈ.ਆਰਜ਼ ’ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਾਰੀਆਂ ਕਾਨੂੰਨੀ ਵਿਵਸਥਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅਨੁਸਾਰ, ਹਰੇਕ ਮਾਈਨਿੰਗ ਥਾਂ ਤੋਂ ਕੀਤੀ ਜਾਣ ਵਾਲੀ ਮਾਈਨਿੰਗ ਦੀ ਪਰਚੀ ਵਾਹਨ ਕੋਲ ਹੋਣੀ ਯਕੀਨੀ ਬਣਾਉਣ, ਓਵਰਲੋਡਿੰਗ ਨੂੰ ਰੋਕਣ ਲਈ ਬਕਾਇਦਾ ਚੈਕਿੰਗ ਕਰਨ ਦੀਆਂ ਵੀ ਪੁਲਿਸ ਨੂੰ ਹਦਾਇਤਾਂ ਕੀਤੀਆਂ ਗਈਆਂ।

ਜ਼ਿਲ੍ਹੇ ਵਿੱਚ ਰੈਲ ਬਾਰਮਦ, ਸ਼ਮਸਪੁਰ ਅਤੇ ਖੋਜਾ ਵਿਖੇ ਸਥਿਤ ਤਿੰਨਾਂ ਮਾਈਨਿੰਗ ਥਾਂਵਾਂ ਨੂੰ ਪੂਰੀ ਨਿਗਰਾਨੀ ਤੇ ਨਿਯਮਾਂ ਤਹਿਤ ਕਾਰਜਸ਼ੀਲ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੀਟਿੰਗ ’ਚ ਸ਼ਾਮਿਲ ਬਲਾਚੌੌਰ ਅਤੇ ਨਵਾਂਸ਼ਹਿਰ ਦੇ ਐਸ ਡੀ ਐਮਜ਼ ਅਤੇ ਉਨ੍ਹਾਂ ਦੇ ਹਮਰੁਤਬਾ ਪੁਲਿਸ ਅਧਿਕਾਰੀਆਂ ਨੂੰ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਆਮ ਲੋਕਾਂ ਦਾ ਮਾਈਨਿੰਗ ਦੇ ਨਾਮ ’ਤੇ ਵਿੱਤੀ ਸੋਸ਼ਣ ਨਾ ਹੋਣ ਦਿੱਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਰਦੀਪ ਸਿੰਘ ਬੈਂਸ, ਐਸ.ਡੀ.ਐਮਜ਼ ਦੀਪਕ ਰੋਹਿਲਾ, ਡਾ: ਬਲਜਿੰਦਰ ਸਿੰਘ ਢਿੱਲੋਂ, ਐਸ.ਪੀ. (ਐਚ) ਮਨਵਿੰਦਰਬੀਰ ਸਿੰਘ, ਡੀ ਐਸ ਪੀ ਬਲਾਚੌਰ ਤਰਲੋਚਨ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਤਹਿਸੀਲਦਾਰ ਬਲਾਚੌਰ ਕੁਲਦੀਪ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ (ਮਾਈਨਿੰਗ) ਗੁਰਤੇਜ ਸਿੰਘ ਗਰਚਾ ਤੇ ਹੋਰ ਮਾਈਨਿੰਗ ਅਧਿਕਾਰੀ ਹਾਜ਼ਰ ਸਨ।