ਆਨੰਦਪੁਰ ਸਾਹਿਬ ਸਮਾਗਮ ’ਚ ਕੈਪਟਨ ਦਾ ਐਲਾਨ;

ਡਾ. ਮਨਮੋਹਨ ਸਿੰਘ ਨੇ ਵੀ ਕੀਤਾ ਸੰਬੋਧਨ

ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਮਕੌਰ ਸਾਹਿਬ ਦੀ ਧਰਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਯੂਨੀਵਰਸਿਟੀ ਅਤੇ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਆਨੰਦਪੁਰ ਸਾਹਿਬ ਅਰਬਨ ਡਿਵੈਲਪਮੈਂਟ ਅਥਾਰਟੀ ਬਨਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਲਾਕੇ ਅੰਦਰ ਇੰਡਸਟਰੀ ਅਤੇ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਲੋੜੀਂਦੇ ਫੈਸਲੇ ਲੈਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ ਫੂਡ ਪਾਰਕ ਬਣਾਉਣਾ ਵੀ ਵਿਚਾਰ ਅਧੀਨ ਹੈ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਕਰੱਸ਼ਰ ਇੰਡਸਟਰੀ ਨੂੰ ਹੁੰਗਾਰਾ ਦੇਣ ਲਈ ਇਸ ਨੂੰ ਕਰੱਸ਼ਰ ਜ਼ੋਨ ਬਣਾਇਆ ਜਾਵੇਗਾ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਜੀਵਨ ਅਤੇ ਫਲਸਫ਼ਾ ਫਿਰਕੂ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਣ ਦਾ ਮਾਰਗ ਵਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਦਸਵੇਂ ਗੁਰੂ ਨੇ ਕਦੇ ਵੀ ਕਿਸੇ ਧਰਮ ਨਾਲ ਵਿਤਕਰਾ ਨਹੀਂ ਕੀਤਾ ਸਗੋਂ ਰੰਗ, ਜਾਤ, ਨਸਲ ਦੇ ਵਖਰੇਵਿਆਂ ਦੇ ਬਾਵਜੂਦ ਸਾਰਿਆਂ ਦਾ ਮਨੁੱਖ ਵਜੋਂ ਸਤਿਕਾਰ ਕੀਤਾ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੇ ਦੱਸੇ ਮਾਰਗ ’ਤੇ ਚਲਦਿਆਂ ਵਿਤਕਰੇਬਾਜ਼ੀ ਨੂੰ ਦੂਰ ਕਰੀਏ। ਉਨ੍ਹਾਂ ਕਿਹਾ ਕਿ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਉਹ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਉਨ੍ਹਾਂ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਵਾਤਾਵਰਣ ਦੀ ਸੁਰੱਖਿਆ ਲਈ ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ ਤੋਂ ਇਲਾਵਾ ਸਾਰਿਆਂ ਨੂੰ ਸਹਿਯੋਗ ਦੇਣ ਦਾ ਵੀ ਸੱਦਾ ਦਿੱਤਾ। ਆਪਣੇ ਸਵਾਗਤੀ ਭਾਸ਼ਣ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਧਾਰਮਿਕ ਮਹੱਤਤਾ ਵਾਲੇ ਹਲਕੇ ਤੋਂ ਚੁਣੇ ਜਾਣ ਲਈ ਖ਼ੁਦ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ, ਪੀਣ ਵਾਲਾ ਪਾਣੀ ਅਤੇ ਸੜਕਾਂ ਆਦਿ ਦੇਣ ਦਾ ਵੀ ਜ਼ਿਕਰ ਕੀਤਾ। ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰੂ ਗੋਬਿੰਦ ਸਿੰਘ ਦੇ ਮਹਾਨ ਬਲਿਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਸਮਾਗਮ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ ਜਦਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਮਾਗਮ ’ਚ ਹਾਜ਼ਰੀ ਭਰੀ। ਉਹ ਪੂਰੇ ਸਮਾਗਮ ਦੌਰਾਨ ਕਾਂਗਰਸੀ ਸਟੇਜ ’ਤੇ ਮੌਜੂਦ ਰਹੇ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਰਾਜ ਸਭਾ ਮੈਂਬਰ ਐਚ.ਐਸ. ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸੰਸਦ ਮੈਂਬਰ ਸੰਤੋਖ ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ, ਵਿਧਾਇਕ ਬਲਬੀਰ ਸਿੱਧੂ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ।