ਅੰਮ੍ਰਿਤਸਰ, 4 ਫਰਵਰੀ

ਰਾਹੁਲ ਗਾਂਧੀ ਵੱਲੋਂ ਐਤਵਾਰ ਨੂੰ ਪੰਜਾਬ ਲਈ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ ਸਿਖਰਲੇ ਦੋ ਦਾਅਵੇਦਾਰਾਂ ਵਿੱਚੋਂ ਇੱਕ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ‘ਚੋਟੀ ’ਤੇ ਬੈਠੇ ਲੋਕ’ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ। ਸਿੱਧੂ ਨੇ ਇੱਥੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਚੋਟੀ ’ਤੇ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ, ਜੋ ਉਨ੍ਹਾਂ ਦੇ ਇਸ਼ਾਰਿਆਂ ’ਤੇ ਕੰਮ ਕਰੇ।’’ ਹਾਲਾਂਕਿ ਉਨ੍ਹਾਂ ਨੇ ਸਪਸ਼ਟ ਨਹੀਂ ਕੀਤਾ ਕਿ ਉਹ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਦਾ ਜ਼ਿਕਰ ਕਰ ਰਹੇ ਸਨ ਜਾਂ ਕਿਸੇ ਹੋਰ ਦਾ। ਇਸ ਸਬੰਧੀ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਅਸਲ ਵਿੱਚ ਕੇਂਦਰ ਸਰਕਾਰ ਦੀ ਗੱਲ ਕਰ ਰਹੇ ਸਨ।