ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਵਿਚਲੇ ਯੂਟੀ ਪ੍ਰਸ਼ਾਸਕ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਸ਼ਰਤ ਨੂੰ ਹਟਾਏ ਜਾਣ ਦੀ ਨਿਖੇਧੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚੋਂ ਪੰਜਾਬੀ ਭਾਸ਼ਾ ਨੂੰ ਇੱਕ ਸਾਜਿਸ਼ ਤਹਿਤ ਮਿਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਜੂਨੀਅਰ ਬੇਸਿਕ ਟੀਚਰ (ਜੇਬੀਟੀ) ਦੀ ਭਰਤੀ ਲਈ ਰੱਖੀਆਂ ਯੋਗਤਾਵਾਂ ਵਿੱਚੋਂ ਪੰਜਾਬੀ ਲਾਜ਼ਮੀ ਦੀ ਸ਼ਰਤ ਨੂੰ ਹਟਾ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਨਾਲ ਵੱਡਾ ਧੱਕਾ ਕੀਤਾ ਸੀ, ਜਦਕਿ ਚੰਡੀਗੜ੍ਹ ਤੇ ਪੰਜਾਬ ਦਾ ਅਧਿਕਾਰ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦੇ ਕਈ ਪਿੰਡਾਂ ਨੂੰ ਉਜਾੜ ਕੇ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ 1966 ਦੇ ਪੁਨਰਗਠਨ ਐਕਟ ਵਿੱਚ ਫ਼ੈਸਲਾ ਹੋਇਆ ਸੀ ਕਿ ਜਿੰਨਾ ਚਿਰ ਚੰਡੀਗੜ੍ਹ ਪੰਜਾਬ ਨੂੰ ਨਹੀਂ ਦਿੱਤਾ ਜਾਂਦਾ ਤਦ ਤੱਕ ਚੰਡੀਗੜ੍ਹ ਵਿੱਚ 60 ਫ਼ੀਸਦੀ ਮੁਲਾਜ਼ਮ ਪੰਜਾਬ ਤੇ 40 ਫ਼ੀਸਦ ਹਰਿਆਣਾ ਤੋਂ ਲੈਣੇ ਨਿਸ਼ਚਿਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਸਬੰਧੀ, ਚੰਡੀਗੜ੍ਹ ਸਥਿਤ ਹੈੱਡ ਆਫ਼ਿਸ, ਹਾਈਕੋਰਟ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦਿੱਤੇ ਜਾਣ ਲਈ ਸੰਘਰਸ਼ ਕਰਦਾ ਆ ਰਿਹਾ ਹੈ।