ਚੰਡੀਗੜ੍ਹ, 6 ਅਕਤੂਬਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹਿੰਸਾ ਵਿਰੁੱਧ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਅੱਧਾ ਦਰਜਨ ਦੇ ਕਰੀਬ ਆਪ ਵਰਕਰਾਂ ਦੇ ਸੱਟਾਂ ਲੱਗੀਆਂ। ਇਸ ਦੌਰਾਨ ਕੁਝ ਪਾਰਟੀ ਵਰਕਰ ਰਾਜ ਭਵਨ ਮੂਹਰੇ ਪਹੁੰਚ ਗਏ। ਪੁਲੀਸ ਨੇ ਰਾਜ ਭਵਨ ਮੂਹਰੇ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਅਮਨ ਅਰੋੜਾ ਵੱਡੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਲਖੀਮਪੁਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਅੱਜ ਇਥੇ ਪਾਰਟੀ ਵਰਕਰਾਂ ਨੇ ਐੱਮਐੱਲਏ ਹੋਸਟਲ ਵਿੱਚ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਰਾਜ ਭਵਨ ਵੱਲ ਕੂਚ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਐੱਮਐੱਲਏ ਹੋਸਟਲ ਦੇ ਗੇਟ ਉੱਤੇ ਰੋਕ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵਈਏ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਉਠਣ ਵਾਲੀ ਹਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।