ਚੰਡੀਗੜ੍ਹ, 3 ਜਨਵਰੀ

ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਛੱਤੀ ਹਜ਼ਾਰ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਦੇ ਹੁਕਮ ਦੇਣ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਇਹ ਦਾਅਵਾ ਕਰਦੇ ਰਹੇ ਕਿ ਜੇਕਰ ਰਾਜਪਾਲ ਨੇ ਸਾਰੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਫਾਈਲ ਨੂੰ ਮਨਜ਼ੂਰੀ ਨਾ ਦਿੱਤੀ ਤਾਂ ਉਹ ਧਰਨੇ ’ਤੇ ਬੈਠ ਜਾਣਗੇ ਜਦਕਿ ਸਚਾਈ ਇਹ ਹੈ ਕਿ ਇਹ ਫਾਈਲ ਉਨ੍ਹਾਂ ਦੇ ਆਪਣੇ ਦਫ਼ਤਰ ਵਿੱਚ ਪਈ ਹੈ।

ਡਾ. ਚੀਮਾ ਨੇ ਕਿਹਾ ਕਿ ਰਾਜਪਾਲ ਨੇ ਪਹਿਲਾਂ ਹੀ ਸਾਰੇ ਤੱਥ ਸਪੱਸ਼ਟ ਕਰ ਦਿੱਤੇ ਹਨ ਤਾਂ ਉਨ੍ਹਾਂ ਨੂੰ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰਨ ਲਈ ਮੁੱਖ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਡਾ. ਚੀਮਾ ਨੇ ਮੰਗ ਕੀਤੀ ਕਿ ਚਰਨਜੀਤ ਸਿੰਘ ਚੰਨੀ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੇ ਠੇਕਾ ਮੁਲਾਜ਼ਮਾਂ ਨੂੰ ਧੋਖਾ ਦੇਣ ਲਈ ਮੁਆਫ਼ੀ ਵੀ ਮੰਗਣ।