ਪਟਿਆਲਾ, 8 ਫਰਵਰੀ

ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਾਰੇ ਫੈਸਲਾ ਕਾਬਲੀਅਤ ਦੇ ਆਧਾਰ ’ਤੇ ਲੈਣਾ ਚਾਹੀਦਾ ਹੈ ਨਾ ਕਿ ਜਾਤ ਦੇ ਆਧਾਰ ’ਤੇ ਜਿਵੇਂ ਕਿ ਪੰਜਾਬ ਕਾਂਗਰਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਦੇ ਵੀ ਜਾਤ ਦੇ ਆਧਾਰ ’ਤੇ ਨਹੀਂ ਵੰਡਿਆ ਗਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਚਰਨਜੀਤ ਚੰਨੀ ਵਿੱਚ ਮੁੱਖ ਮੰਤਰੀ ਬਣਨ ਦੀ ਕਾਬਲੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਕੀਤੇ ਜਾ ਰਹੇ ਵੱਡੇ-ਵੰਡੇ ਦਾਅਵੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੇ। ਉਨ੍ਹਾਂ ਨੇ ਪਾਰਟੀ ਉਮੀਦਵਾਰ ਸੰਜੀਵ ਕੁਮਾਰ ਬਿੱਟੂ ਦੇ ਹੱਕ ਵਿੱਚ ਚੋਣ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਰੂਬਰੂ ਹੰਦਿਆਂ ਕਿਹਾ ਕਿ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਹੈ ਤੇ ਉਹ ਜਲਦੀ ਹੀ ਕੋਈ ‘ਸਿਆਸੀ ਧਮਾਕਾ’ ਕਰ ਸਕਦਾ ਹੈ।