ਨਵੀਂ ਦਿੱਲੀ,

ਸੀਬੀਆਈ ਦੇ ਛਾਪਿਆਂ ਤੋਂ ਇਕ ਦਿਨ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜ਼ਾਹਰ ਕੀਤਾ ਹੈ ਪਰ ਨਾਲ ਹੀ ਕਿਹਾ ਕਿ ਦਿੱਲੀ ਵਿਚ ਸਿੱਖਿਆ ਦੀ ਬਿਹਤਰੀ ਲਈ ਕਾਰਜ ਜਾਰੀ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੂੰ ਛਾਪੇ ਮਾਰਨ ਦੇ ਹੁਕਮ ਉਪਰੋਂ ਆਏ ਸਨ। ਉਨ੍ਹਾਂ ਵਿਅੰਗਮਈ ਢੰਗ ਨਾਲ ਕਿਹਾ ਕਿ ਛਾਪਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਨਾ ਕਰਨ ਲਈ ਉਹ ੲੇਜੰਸੀ ਦਾ ਧੰਨਵਾਦ ਕਰਦੇ ਹਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਸੀ, ਕੋਈ ਘਪਲਾ ਨਹੀਂ ਹੋਇਆ। ਇਨ੍ਹਾਂ ਲੋਕਾਂ ਨੂੰ ਘਪਲੇ ਦੀ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਤੋਂ ਚਿੰਤਤ ਹਨ, ਜਿਨ੍ਹਾਂ ਨੂੰ ਜਨਤਾ ਦਾ ਪਿਆਰ ਕਰਦੀ ਹੈ ਅਤੇ ਜੋ ਰਾਸ਼ਟਰੀ ਪੱਧਰ ‘ਤੇ ਬਦਲ ਵਜੋਂ ਉਭਰ ਰਹੇ ਹਨ। ਉਹ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ, ਜਿਨ੍ਹਾਂ ਦੇ ਸਿੱਖਿਆ ਅਤੇ ਸਿਹਤ ਦੇ ਕੰਮ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ, ‘ਸਤਿੰਦਰ ਜੈਨ ਪਹਿਲਾਂ ਹੀ ਜੇਲ੍ਹ ਵਿੱਚ ਹੈ, ਮੈਨੂੰ ਵੀ ਦੋ-ਤਿੰਨ ਦਿਨਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਿੱਖਿਆ ਤੇ ਸਿਹਤ ਖੇਤਰ ਵਿੱਚ ਕੰਮ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਪਰ ਅਜਿਹਾ ਨਹੀਂ ਹੋਵੇਗਾ।’