ਚੰਡੀਗੜ੍ਹ, 3 ਜਨਵਰੀ

ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਸਿਰਫ਼ ਛੇ ਦਿਨਾਂ ਬਾਅਦ ਪੰਜਾਬ ਦੇ ਸ੍ਰੀਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਗਵਾਂ ਪਾਰਟੀ ਛੱਡ ਕੇ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਲਾਡੀ ਨੇ ਅੱਜ ਕਿਹਾ ਕਿ ਉਹ ਐਤਵਾਰ ਰਾਤ ਨੂੰ ਇੱਥੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਪਰਤ ਆਏ। ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ, ਕਾਦੀਆਂ ਤੋਂ ਵਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਨਾਲ 28 ਦਸੰਬਰ ਨੂੰ ਨਵੀਂ ਦਿੱਲੀ ਵਿਚ ਭਾਜਪਾ ’ਚ ਸ਼ਾਮਲ ਹੋਏ ਸਨ। ਦੋਵੇਂ ਵਿਧਾਇਕ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਭਾਜਪਾ ’ਚ ਸ਼ਾਮਲ ਹੋਏ ਸਨ।