ਜਲੰਧਰ, 30 ਸਤੰਬਰ

ਕਿਸਾਨਾਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਨੇ ਅੱਜ ਦੁਪਹਿਰੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਘਰ ਘੇਰਿਆ। ਪ੍ਰਦਰਸ਼ਨ ਦੀ ਅਗਵਾਈ ਆਲ ਪੰਜਾਬ ਟੱਰਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕੀਤੀ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਹੈਪੀ ਸੰਧੂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਕਿਸਾਨ, ਵਪਾਰੀ, ਮਜ਼ਦੂਰ ਅਤੇ ਛੋਟੇ ਟਰਾਂਸਪੋਰਟਰਾਂ ਲਈ ਮਾਰੂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਖੇਤੀ ਆਰਡੀਨੈਂਸਾਂ ਦੇ ਸੋਹਲੇ ਗਾਉਂਦਾ ਨਹੀਂ ਸੀ ਥੱਕਦਾ ਪਰ ਕਿਸਾਨਾਂ ਦੇ ਗੁੱਸੇ ਅੱਗੇ ਗਿੜਗਿੜਾ ਰਿਹਾ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਬੈਰੀਕੇਡ ਲਾਏ ਹੋਏ ਸਨ ਤੇ ਵੱਡੀ ਗਿਣਤੀ ਵਿੱਚ ਪੁਲੀਸ ਉਥੇ ਤਾਇਨਾਤ ਸੀ।