ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਪੀ.ਏ.ਪੀ. ਗਰਾਊਂਡ ਵਿਖੇ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਨਕਸ਼ਾ ਬਣਨ ਤੋਂ ਬਾਅਦ, ਨਸ਼ਿਆਂ ਵਿਰੁੱਧ ਜੰਗ ਹੁਣ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵੱਡੀ ਇਮਾਰਤ ਦੀ ਉਸਾਰੀ ਲਈ ਪਹਿਲਾਂ ਨਕਸ਼ੇ ਦੀ ਲੋੜ ਹੁੰਦੀ ਹੈ। ਜੇਕਰ ਨਕਸ਼ਾ ਬਣ ਜਾਵੇ ਤਾਂ ਇਮਾਰਤ ਦੀ ਉਸਾਰੀ ਵਿੱਚ ਕੋਈ ਦੇਰੀ ਨਹੀਂ ਹੁੰਦੀ।
ਪੰਜਾਬ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਯੋਜਨਾ ਬਣਾਈ ਹੈ ਅਤੇ ਹੁਣ ਨਸ਼ਾ ਖਤਮ ਕਰਨ ਤੋਂ ਬਾਅਦ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਨੂੰ ਖਤਮ ਕਰਨ ਦੇ ਨਾਲ-ਨਾਲ ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਗੰਭੀਰ ਹੈ। ਇਸ ਕਾਰਨ ਹੁਣ ਪੰਜਾਬ ਓਟ ਕਲੀਨਿਕਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧ ਕੇ ਪੰਜ ਹਜ਼ਾਰ ਹੋ ਗਈ ਹੈ। ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੇ ਯੋਗ ਵੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਦੁਸ਼ਮਣ ਹਨ ਜਿਨ੍ਹਾਂ ਨੇ ਆਪਣੇ ਮਹਿਲ-ਮੁਨਾਰੇ ਖੜ੍ਹੇ ਕਰਨ ਲਈ ਸਾਡੇ ਨੌਜਵਾਨਾਂ ਨੂੰ ਦਲਦਲ ਵਿੱਚ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾ ਕੇ ਆਪਣੇ ਘਰਾਂ ਵਿੱਚ ਦੀਪਮਾਲਾ ਕਰਨ ਵਾਲੇ ਤਸਕਰ ਮੁਆਫੀ ਦੇ ਲਾਇਕ ਨਹੀਂ। ਉਨ੍ਹਾਂ ਕਿਹਾ ਕਿ ਵੱਡੇ ਤਸਕਰਾਂ ਦੇ ਘਰਾਂ ਉਤੇ ਕਾਰਵਾਈ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਸਕਰਾਂ ਨੂੰ ਨਸ਼ਿਆਂ ਕਾਰਨ ਵਿਧਵਾ ਹੋਈਆਂ ਔਰਤਾਂ, ਪੁੱਤਾਂ ਤੋਂ ਮਹਿਰੂਮ ਹੋਈਆਂ ਮਾਵਾਂ ਅਤੇ ਰੱਖੜੀ ਬੰਨਣ ਲਈ ਤਰਸਦੀਆਂ ਭੈਣਾਂ ਦੇ ਦੁੱਖਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕੋਈ ਵੀ ਸਿਆਸੀ ਆਗੂ ਜਾਂ ਕੋਈ ਹੋਰ ਵਿਅਕਤੀ, ਭਾਵੇਂ ਕਿੰਨੇ ਹੀ ਅਸਰ ਰਸੂਖ ਵਾਲਾ ਕਿਉਂ ਨਾ ਹੋਵੇ, ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।