ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਤੀਜੇ ਅਤੇ ਆਖਰੀ ਦਿਨ ਸਾਬਕਾ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਬਹਿਸ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਵਲੋਂ ਬੋਲਣ ਦਾ ਸਮਾਂ ਵੱਧ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹੰਗਾਮਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ 15 ਮਿੰਟ ਲਈ ਸਪੀਕਰ ਵਲੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸੀ ਵਿਧਾਇਕ ਨੇ ਹਰਮਿੰਦਰ ਸਿੰਘ ਗਿੱਲ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਦੀ ਕਮਿਸ਼ਨ ‘ਤੇ ਚਰਚਾ ਸ਼ੁਰੂ ਕੀਤੀ। ਹਰਮਿੰਦਰ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਉਨ੍ਹਾਂ ਦਾ ਦਿਲ ਵਲੂੰਧਰਿਆ ਗਿਆ ਹੈ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਗਈ ਸੀ। ਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਰੋਸ ਵਿਚ ਸਿੱਖ ਜਥੇਬੰਦੀਆਂ ਬਹੁਤ ਹੀ ਸ਼ਾਂਤਮਈ ਢੰਗ ਨਾਲ ਸੜਕ ਦੇ ਕਿਨਾਰੇ ਬੈਠ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਧਰਨਾ ਦੇ ਰਹੀਆਂ ਸਨ ਪਰ ਪੁਲਸ ਨੇ ਉਨ੍ਹਾਂ ‘ਤੇ ਸਵੇਰੇ 6.50 ਮਿੰਟ ‘ਤੇ ਗੋਲੀਆਂ ਵਰਾ ਦਿੱਤੀਆਂ। ਗਿੱਲ ਨੇ ਕਿਹਾ ਕਿ ਇੰਨੀ ਕਿਹੜੀ ਮਜਬੂਰੀ ਸੀ ਕਿ ਸਵੇਰੇ-ਸਵੇਰੇ ਹੀ ਸਿੱਖਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਗੋਲੀਬਾਰੀ ਵਿਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਮੀਤ ਸਿੰਘ ਦੀ ਮੌਤ ਹੋ ਗਈ। ਇਹ ਗੋਲੀਆਂ 3 ਤੋਂ 4 ਫੁੱਟ ਦੀਆਂ ਦੂਰੀ ਤੋਂ ਮਾਰੀਆਂ ਗਈਆਂ। 

ਗਿੱਲ ਨੇ ਕਿਹਾ ਕਿ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਵਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਜੋ ਅੱਜ ਤਕ ਨਹੀਂ ਦਿੱਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਗੱਲ ਕਰਦੇ ਹੋਏ ਗਿੱਲ ਨੇ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਥੇਦਾਰ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਬਰਛਾਂ ਫੜਨ ਦੀ ਡਿਊਟੀ ਦਿੰਦੇ ਸਨ ਪਰ ਹੁਣ ਉਹ ਥ੍ਰੀ ਸਟਾਰ ਹੋਟਲ ਦੇ ਮਾਲਕ ਹਨ। 2008 ਵਿਚ ਅਕਾਲੀ ਦਲ ਵਲੋਂ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਬਣਾਇਆ ਗਿਆ ਅਤੇ ਇਸੇ ਕਰਕੇ ਬਾਦਲ ਵਲੋਂ ਅਕਾਲ ਤਖਤ ਵਲੋਂ ਫਖਰੇ ਕੌਮ ਦਾ ਖਿਤਾਬ ਦੇ ਕੇ ਨਿਵਾਜਿਆ ਗਿਆ, ਉਦੋਂ ਤੋਂ ਬਾਦਲਾਂ ਦੀ ਕਿਰਪਾ ਗਿਆਨੀ ਗੁਰਬਚਨ ਸਿੰਘ ‘ਤੇ ਪੈਣੀ ਸ਼ੁਰੂ ਹੋ ਗਈ। ਗਿੱਲ ਨੇ ਕਿਹਾ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਸਿਰਫ ਤਿੰਨ ਕਿੱਲੇ ਜ਼ਮੀਨ ਸੀ ਪਰ ਹੁਣ ਉਨ੍ਹਾਂ ਦਾ ਰਾਇਲ ਕਿੰਗ ਨਾਮ ਦਾ ਥ੍ਰੀ ਸਟਾਰ ਹੋਟਲ ਚੱਲ ਰਿਹਾ ਹੈ।

ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਤਿਹਾਸਕ ਘਟਨਾਵਾਂ ਦਾ ਵੇਰਵਾ ਦਿੰਦੇ ਹੋਏ ਅਕਾਲੀ ਦਲ ਨੂੰ ਪੰਥ ਤੇ ਪੰਜਾਬ ਦਾ ਗੱਦਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦਾ ਸਭ ਤੋਂ ਵੱਡਾ ਨੁਕਸਾਨ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਗੋਲੀ ਕਾਂਡ ਬਾਦਲ ਦੇ ਇਸ਼ਾਰੇ ‘ਤੇ ਵਾਪਰਿਆ ਸੀ। ਇਸ ਲਈ ਬਾਦਲ ਤੇ ਸਾਬਕਾ ਪੁਲਿਸ ਮੁਖੀ ਸਮੇਧ ਸੈਣੀ ਖਿਲਾਫ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਦੀ ਬਜਾਏ ਪੰਜਾਬ ਪੁਲਿਸ ਤੋਂ ਕਰਵਾਈ ਜਾਵੇ।

ਆਮ ਆਦਮੀ ਪਾਰਟੀ ਦੇ ਵਿਧਾਇਕ ਐਚ. ਐਸ. ਫੂਲਕਾ ਨੇ ਰੰਧਾਵਾ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ‘ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਡੇਰਾ ਸਿਰਸਾ ਦੀ ਸ਼ਮੂਲੀਅਤ ਸਾਹਮਣੇ ਆ ਗਈ ਹੈ। ਇਸ ਲਈ ਡੇਰਾ ਮੁਖੀ ਖਿਲਾਫ ਵੀ ਕੇਸ ਦਰਜ ਕੀਤਾ ਜਾਏ। ਫੂਲਕਾ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਅਜੇ ਵੀ ਡੇਰਾ ਸਿਰਸਾ ਖਿਲਾਫ ਨਰਮ ਹੈ। ਇਸ ‘ਤੇ ਰੰਧਾਵਾ ਨੇ ਮੰਗ ਕੀਤੀ ਵਿਧਾਨ ਸਭਾ ਵਿੱਚ ਪ੍ਰਣ ਕੀਤਾ ਜਾਏ ਕਿ ਪੰਜਾਬ ਵਿੱਚ ਫਿਰ ਅਜਿਹਾ ਕੋਈ ਸਾਧ ਪੈਦਾ ਹੀ ਨਾ ਹੋਏ।

 

ਬਹਿਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਝੋਲੀ ਅੱਡ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਦਲਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਸਿੱਧੂ ਨੇ ਕਿਹਾ ਕਿ ਬੇਅਦਬੀ ਦਾ ਮਾਮਲਾ ਬਾਦਲਾਂ ਦੇ ਮੱਥੇ ‘ਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਕਹਿਣ ‘ਤੇ ਬਹਿਬਲ ਕਲਾਂ ਵਿਚ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਲਈ ਬਾਦਲਾਂ ਖਿਲਾਫ 302 ਅਧੀਨ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। 

ਸਿੱਧੂ ਨੇ ਕਿਹਾ ਕਿ ਸੀ. ਬੀ. ਆਈ. ਕੇਂਦਰ ਸਰਕਾਰ ਦੀ ਕਠਪੁਤਲੀ ਹੈ, ਇਸ ਲਈ ਬੇਅਦਬੀ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦਾ ਫੈਸਲਾ ਕੇਂਦਰ ਨੂੰ ਨਹੀਂ ਸਗੋਂ ਕੈਪਟਨ ਸਰਕਾਰ ਨੂੰ ਕਰਨਾ ਚਾਹੀਦਾ ਹੈ।  ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਫਾਸਟਵੇਅ ਕੇਬਲ ਖਿਲਾਫ ਵੀ ਵੱਡੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਮੰਗ ਕੀਤੀ ਕਿ ਉਹ ਹੁਕਮ ਦੇਣ ਅਤੇ ਅੱਜ ਹੀ ਫਾਸਟਵੇਅ ਅਤੇ ਪੀ. ਟੀ. ਸੀ. ਖਿਲਾਫ ਪਰਚਾ ਦਰਜ ਕਰਕੇ ਇਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ।

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਦੇ ਰਾਜ ਦੌਰਾਨ ਲਗਾਤਾਰ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਬਾਵਜੂਦ ਇਸ ਦੇ ਬਾਦਲਾਂ ਵਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਰਾਜਾ ਵੜਿੰਗ ਨੇ ਦਾਅਵਾ ਕੀਤਾ ਜਦੋਂ ਬੇਅਦਬੀ ਦੀ ਘਟਨਾ ਹੋਈ ਸੀ ਤਾਂ ਉਹ ਬਰਗਾੜੀ ਦੇ ਧਰਨਿਆਂ ਵਿਚ ਮੂੰਹ ‘ਤੇ ਪਰਨਾ ਬੰਨ੍ਹ ਕੇ ਸ਼ਾਮਿਲ ਹੁੰਦੇ ਰਹੇ। ਵੜਿੰਗ ਨੇ ਕਿਹਾ ਕਿ ਜਲਿਆਂਵਾਲਾ ਬਾਗ ਵਿਚ ਜਨਰਲ ਡਾਇਰ ਨੇ ਨਹਿੱਥੇ ਲੋਕਾਂ ‘ਤੇ ਗੋਲੀਆਂ ਚਲਾਈਆਂ ਪਰ ਬਾਦਲ ਤਾਂ ਡਾਇਰ ਤੋਂ ਵੀ ਅੱਗੇ ਲੰਘ ਗਏ ਹਨ। ਵੜਿੰਗ ਨੇ ਕਿਹਾ ਕਿ ਜਦੋਂ ਬਹਿਬਲ ਕਲਾਂ ਵਿਚ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਦੇ ਗੋਲੀ ਮਾਰੀ ਗਈ ਤਾਂ ਉਹ ਲੰਗਰ ਵਰਤਾ ਰਿਹਾ ਸੀ। 
ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ ਵਿਚ ਬੇਅਦਬੀ ਮਾਮਲਿਆਂ ਦੀ ਜਾਂਚ ਅਤੇ ਇਸ ਦਾ ਪਰਦਾਫਾਸ਼ ਹੋਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਵੜਿੰਗ ਨੇ ਕਿਹਾ ਕਿ 1047 ਦਿਨਾਂ ਬਾਅਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਈ ਹੈ। ਵੜਿੰਗ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦਾ ਪ੍ਰਧਾਨ ਵੀ ਬਾਦਲਾਂ ਦੇ ਲਿਫਾਫੇ ‘ਚੋਂ ਨਿਕਲਦਾ ਹੈ।