ਨਵੀਂ ਦਿੱਲੀ, 11 ਮਾਰਚ
ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ’ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਿਰਫ ਵਿਰੋਧੀ ਪਾਰਟੀਆਂ ਦੀ ਸੱਤਾ ਹੇਠਲੇ ਸੂਬਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਤੇ ਉੱਘੇ ਵਕੀਲ ਨੇ ਜੰਤਰ-ਮੰਤਰ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਆਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਦੀਆਂ ਸੰਪਤੀਆਂ ’ਤੇ ਛਾਪਿਆਂ ਤੋਂ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਬਿਹਾਰ ਵਿੱਚ ਭਾਜਪਾ ਦੇ ਹੱਥੋਂ ਸੱਤਾ ਨਿਕਲ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਬਲ ਵੱਲੋਂ ਜੰਤਰ-ਮੰਤਰ ’ਤੇ ਨਵੇਂ ਬਣਾਏ ਗਏ ਮੰਚ ‘ਇਨਸਾਫ’ ਰਾਹੀਂ ਦੇਸ਼ ਲਈ ਨਵਾਂ ਦ੍ਰਿਸ਼ਟੀਕੋਣ ਤੇ ਏਜੰਡਾ ਪੇਸ਼ ਕੀਤਾ ਗਿਆ।