ਨਵੀਂ ਦਿੱਲੀ, 25 ਅਪਰੈਲ

ਸੁਪਰੀਮ ਕੋਰਟ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਤੇ ਐੱਫਆਈਆਰ ਦਰਜ ਨਾ ਕੀਤੇ ਜਾਣ ਦੇ ਦੋਸ਼ ਲਾਉਣ ਵਾਲੀਆਂ ਸੱਤ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ’ਤੇ ਅੱਜ ਦਿੱਲੀ ਸਰਕਾਰ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੇ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਬਾਵਜੂਦ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਗਈ ਹੈ। ਬੈਂਚ ਨੇ ਕਿਹਾ, ‘‘ਨੋਟਿਸ ਜਾਰੀ ਕੀਤਾ ਜਾਂਦਾ ਹੈ। ਇਸ ਨੂੰ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ।’’ ਬੈਂਚ ਨੇ ਪਛਾਣ ਜ਼ਾਹਿਰ ਨਾ ਕਰਨ ਲਈ ਨਿਆਂਇਕ ਰਿਕਾਰਡ ਤੋਂ ਸੱਤ ਸ਼ਿਕਾਇਤਕਰਤਾ ਪਹਿਲਵਾਨਾਂ ਦੇ ਨਾਂ ਹਟਾਉਣ ਦੇ ਨਿਰਦੇਸ਼ ਵੀ ਦਿੱਤੇ।