ਨਵੀਂ ਦਿੱਲੀ, 29 ਜੁਲਾਈ
ਦਿੱਲੀ ਦੀ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੌਜੂਦਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ਼ ਭੂਸ਼ਨ ਸ਼ਰਨ ਸਿੰਘ ਨੂੰ ਅੱਜ ਦੇ ਦਿਨ ਲਈ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਬ੍ਰਿਜ ਭੂਸ਼ਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਆਪਣੀਆਂ ਸੰਸਦੀ ਜ਼ਿੰਮੇਵਾਰੀਆਂ ਦੇ ਰੁਝੇਵੇਂ ਕਾਰਨ ਮੁਲਜ਼ਮ ਪੇਸ਼ ਹੋਣ ਤੋਂ ਅਸਮਰੱਥ ਹੈ। ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਹਰਜੀਤ ਸਿੰਘ ਨੇ ਬ੍ਰਿਜ ਭੂਸ਼ਨ ਨੂੰ ਇੱਕ ਦਿਨ ਦੀ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਰਜ਼ੀ ਮਨਜ਼ੂਰ ਕਰ ਲਈ। ਹਾਲਾਂਕਿ, ਡਬਲਿਊਐੱਫਆਈ ਦਾ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਅਦਾਲਤ ਵਿੱਚ ਪੇਸ਼ ਹੋਇਆ। ਅਗਲੀ ਸੁਣਵਾਈ 3 ਅਗਸਤ ਨੂੰ ਕੀਤੀ ਜਾਵੇਗੀ।