ਨਵੀਂ ਦਿੱਲੀ, 4 ਮਈ

ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਸਬੰਧੀ ਅੱਜ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨਾਬਾਲਗ ਸ਼ਿਕਾਇਤਕਰਤਾ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੁਲੀਸ ਨੇ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀਆਂ ਛੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਕਾਰਵਾਈ ਬੰਦ ਕੀਤੀ ਤੇ ਉਨ੍ਹਾਂ ਨੂੰ ਹੋਰ ਰਾਹਤ ਲਈ ਦਿੱਲੀ ਹਾਈ ਕੋਰਟ ਜਾਂ ਸਬੰਧਤ ਹੇਠਲੀ ਅਦਾਲਤ ਵਿਚ ਜਾਣ ਦੀ ਆਜ਼ਾਦੀ ਦਿੱਤੀ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀ ਭਲਵਾਨਾਂ ਨੇ ਕਿਹਾ ਹੈ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਨਹੀ ਕਈ ਰਾਹ ਖੁੱਲ੍ਹੇ ਹਨ ਤੇ ਸੀਨੀਅਰਾਂ ਨਾਲ ਗੱਲਬਾਤ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਅਦਾਲਤ ਦਾ ਹੁਕਮ ਝਟਕਾ ਨਹੀਂ ਹੈ ਉਸ ਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ।